ਵਿਜੀਲੈਂਸ ਵੱਲੋਂ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਹੈ ਸਹਾਇਕ ਸਬ ਇੰਸਪੈਕਟਰ (ASI) ਗੁਰਮੇਜ ਸਿੰਘ

ASI arrested on charges of accepting bribe of Rs 6,000 from Vigilance

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਓਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ 'ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਨੇ ਉਸ ਦੇ ਖਿਲਾਫ ਥਾਣਾ ਸਦਰ ਵਿਖੇ ਦਰਜ ਪੁਲਿਸ ਕੇਸ  ਵਿੱਚ ਉਸ ਨੂੰ ਸ਼ਾਮਲ ਤਫ਼ਤੀਸ਼ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਗਏ ਇੱਕ ਸਾਥੀ ਨੇ ਸਬੂਤ ਵਜੋਂ ਉਕਤ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਿਸ ਮੁਲਾਜਮ ਖਿਲਾਫ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।