ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਐਸਆਈਟੀ ਵੱਲੋਂ ਮੋਗਾ ਦਾ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਵੱਡੀ ਕਾਰਵਾਈ ਕਰਦਿਆਂ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ...

Former Moga SSP Charanjit Sharma

ਹੁਸ਼ਿਆਰਪੁਰ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਵੱਡੀ ਕਾਰਵਾਈ ਕਰਦਿਆਂ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਅਤੇ ਐਸ ਆਈ ਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਸਬੰਧੀ ਪੁਸ਼ਟੀ ਕੀਤੀ ਕਿ ਸਵੇਰੇ ਸਮੇਂ ਚਰਨਜੀਤ ਸ਼ਰਮਾ ਨੂੰ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੀ ਨਿੱਜੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਐਸਆਈਟੀ ਟੀਮ ਦੀ ਅਗਵਾਈ ਡੀਐਸਪੀ ਰੈਂਕ ਦੇ ਅਧਿਕਾਰੀ ਵਲੋਂ ਕੀਤੀ ਜਾ ਰਹੀ ਸੀ। ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਹਾਈਕੋਰਟ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿਤੀ ਗਈ ਸੀ। ਹਾਈਕੋਰਟ ਨੇ ਇਸ ਤੋਂ ਬਾਅਦ ਐਸਆਈਟੀ ਨੂੰ ਸੁਤੰਤਰ ਜਾਂਚ ਕਰਨ ਦੇ ਆਦੇਸ਼ ਦਿਤੇ ਸਨ। ਹਾਈਕੋਰਟ ਦੇ ਇਸ ਫ਼ੈਸਲੇ ਨਾਲ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਨਾਮਜ਼ਦ ਪੁਲਿਸ ਅਫ਼ਸਰਾਂ ਨੂੰ ਕਰਾਰਾ ਝਟਕਾ ਲੱਗਿਆ ਸੀ। 

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ, ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ ਪਰ ਹੁਣ ਐਸਆਈਟੀ ਨੇ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਐਸਆਈਟੀ ਦੀ ਇਹ ਵੱਡੀ ਕਾਰਵਾਈ ਹੈ।