ਬਹਿਬਲ ਕਲਾਂ ਗੋਲੀ ਕਾਂਡ 'ਚ ਐਸਆਈਟੀ ਦੀ ਕਾਰਵਾਈ 'ਤੇ ਗਰਮਾਈ ਪੰਜਾਬ ਦੀ ਸਿਆਸਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਾਦੂਵਾਲ ਨੇ ਕਾਰਵਾਈ ਨੂੰ ਗੋਂਗਲੂਆਂ ਤੋਂ ਮਿੱਟੀ ਝਾੜਨ ਦੇ ਤੁੱਲ ਦਸਿਆ 

Bains

ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਨੇਤਾਵਾਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ। ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕੈਪਟਨ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਸਰਕਾਰ ਐਸਆਈਟੀ ਜ਼ਰੀਏ ਅਸਲ ਦੋਸ਼ੀਆਂ 'ਤੇ ਕਾਰਵਾਈ ਕਰਨ ਤੋਂ ਘਬਰਾ ਰਹੀ ਹੈ। ਇਸੇ ਕਰਕੇ ਕੁੱਝ ਅਫ਼ਸਰਾਂ 'ਤੇ ਕਾਰਵਾਈ ਕਰਕੇ ਬੁੱਤਾ ਸਾਰ ਦਿਤਾ ਜਾਵੇਗਾ।

ਇਸ ਦੇ ਨਾਲ ਹੀ ਫਰੀਦਕੋਟ ਤੋਂ ਆਪ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਸ ਗ੍ਰਿਫ਼ਤਾਰੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਐਸਆਈਟੀ ਨੂੰ ਜਲਦ ਤੋਂ ਜਲਦ ਹੋਰ ਮੁਲਜ਼ਮਾਂ ਨੂੰ ਵੀ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨੀ ਚਾਹੀਦੀ ਹੈ। ਇਸ ਮਾਮਲੇ 'ਤੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵਲੋਂ ਐਸਆਈਟੀ ਦੀ ਕਾਰਵਾਈ ਦਾ ਸਵਾਗਤ ਕੀਤਾ ਗਿਆ ਪਰ ਉਨ੍ਹਾਂ ਨਾਲ ਹੀ ਇਸ ਮਾਮਲੇ ਦੇ ਲਟਕਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਇਸ ਨੂੰ ਛੇਤੀ ਨਿਬੇੜਨ ਦੀ ਗੱਲ ਆਖੀ।

ਇਸ ਦੇ ਨਾਲ ਹੀ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਦੇ ਕਿਸੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਖਿਆ ਕਿ ਸਾਬਕਾ ਐਸਐਸਪੀ ਦੀ ਗ੍ਰਿਫ਼ਤਾਰੀ ਦਰਸਾਉਂਦੀ ਹੈ ਕਿ ਸਰਕਾਰ ਦੀ ਮਨਸ਼ਾ ਇਸ ਮਾਮਲੇ ਦੀ ਤਹਿ ਤਕ ਪਹੁੰਚਣ ਦੀ ਹੈ। 

ਉਧਰ ਬਰਗਾੜੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂ ਬਲਜੀਤ ਸਿੰਘ ਦਾਦੂਵਾਲ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਗੋਂਗਲੂਆਂ ਤੋਂ ਮਿੱਟੀ ਝਾੜਨ ਦੇ ਤੁੱਲ ਦੱਸਿਆ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਉਨ੍ਹਾਂ ਅਸਲ ਦੋਸ਼ੀਆਂ ਨੂੰ ਵੀ ਫੜਨਾ ਚਾਹੀਦਾ ਹੈ, ਜਿਨ੍ਹਾਂ ਨੇ ਜਨਰਲ ਡਾਇਰ ਵਾਂਗ ਗੋਲੀ ਚਲਾਉਣ ਦਾ ਹੁਕਮ ਦਿਤਾ ਸੀ।

ਦਸ ਦਈਏ ਕਿ ਹਾਈਕੋਰਟ ਵਲੋਂ ਮੁਲਜ਼ਮਾਂ ਦੀ ਪਟੀਸ਼ਨ ਰੱਦ ਕਰਨ ਤੋਂ ਬਾਅਦ ਐਸਆਈਟੀ ਨੇ ਨਾਮਜ਼ਦ ਪੁਲਿਸ ਅਫ਼ਸਰਾਂ ਨੂੰ 29 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਸੀ ਪਰ ਐਸਆਈਟੀ ਨੇ ਵਿਦੇਸ਼ ਭੱਜਣ ਦੇ ਡਰੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਬਾਜਾਖ਼ਾਨਾ ਦੇ ਸਾਬਕਾ ਐਸਐਚਓ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਫਿਲਹਾਲ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਉਂਦੀ ਨਜ਼ਰ ਆ ਰਹੀ ਹੈ।