ਗਣਤੰਤਰਤਾ ਦਿਵਸ ‘ਤੇ ਫਰੀਦਕੋਟ ‘ਚ ਸਪੋਕਸਮੈਨ ਟੀਵੀ ਦੇ ਪੱਤਰਕਾਰ ਨੂੰ ਕੀਤਾ ਸਨਮਾਨਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਫਰੀਦਕੋਟ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਧੂਮ-ਧਾਮ...

Reporter Sunil Jindal

ਫਰੀਦਕੋਟ: ਜ਼ਿਲ੍ਹਾ ਫਰੀਦਕੋਟ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਕੁਮਾਰ ਸੋਰਭ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਅੱਜ ਦੇ ਇਤਿਹਾਸਕ ਦਿਹਾੜੇ 'ਤੇ ਆਪਣੇ ਸੰਦੇਸ਼ ਦੌਰਾਨ ਦੇਸ਼ ਦੇ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕੀਤਾ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।

ਡਿਪਟੀ ਕਮਿਸ਼ਨਰ ਸੋਰਭ ਨੇ ਭਾਰਤੀ ਸੰਵਿਧਾਨ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਵੀ ਯਾਦ ਕੀਤਾ ਜਿਨ੍ਹਾਂ ਨੇ ਇਸ ਦੇਸ਼ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਸਾਨੂੰ ਅਨੇਕਾਂ ਅਧਿਕਾਰ ਦਿੱਤੇ ਹਨ ਅਤੇ ਨਾਲ ਹੀ ਦੇਸ਼ ਦੇ ਹਰੇਕ ਨਾਗਰਿਕ ਨੂੰ ਸਮਾਨਤਾ ਦਾ ਅਧਿਕਾਰ ਵੀ ਦਿੱਤਾ ਹੈ।

ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨਾਲ, ਸੂਬਾ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਜੋ ਅਹਿਮ ਫੈਸਲੇ ਕੀਤੇ ਗਏ ਹਨ, ਸਾਂਝੇ ਕੀਤੇ। ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲਿਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉੱਘੀਆਂ ਸ਼ਖ਼ਸ਼ੀਅਤਾਂ ਵੀ ਮੌਜੂਦ ਸਨ।

ਇਸਦੇ ਨਾਲ ਹੀ ਉਨ੍ਹਾਂ ਨੇ ਗਣਤੰਤਰ ਦਿਵਸ ਮੌਕੇ ਪੱਤਰਕਾਰੀ ਦੇ ਖੇਤਰ ਵਿਚ ਦਿੱਤੀਆ ਵਧੀਆ ਸੇਵਾਵਾਂ ਬਦਲੇ ਸਪੋਕਸਮੈਨ ਟੀਵੀ ਦੇ ਪੱਤਰਕਾਰ ਸੁਨੀਲ ਜਿੰਦਲ ਨੂੰ ਸਨਮਾਨਿਤ ਕੀਤਾ। ਮਾਨਯੋਗ ਡੀ.ਸੀ. ਕੁਮਾਰ ਸੋਰਭ ਜੀ ਨੇ ਦਸਿਆ, ਕਿ ਉਹ ਸਪੋਕਸਮੈਨ ਟੀਵੀ ਦੇ ਪੱਤਰਕਾਰ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕਰਨਾ ਚਾਹੁੰਦੇ ਸਨ।