ਕਾਂਗਰਸੀ ਉਮੀਦਵਾਰਾਂ ਸਣੇ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਰਾਹੁਲ ਗਾਂਧੀ ਦੀ ਇਹ ਫੇਰੀ ਕਾਫੀ ਅਹਿਮ ਮੰਨੀ ਜਾ ਰਹੀ ਹੈ।

Rahul Gandhi and CM Channi

ਅੰਮ੍ਰਿਤਸਰ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਰਾਹੁਲ ਗਾਂਧੀ ਦੀ ਇਹ ਫੇਰੀ ਕਾਫੀ ਅਹਿਮ ਮੰਨੀ ਜਾ ਰਹੀ ਹੈ। ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਿਸ਼ੇਸ਼ ਉਡਾਣ ਰਾਹੀਂ ਅੰਮ੍ਰਿਤਸਰ ਪਹੁੰਚੇ ਜਿੱਥੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਉਹਨਾਂ ਦਾ ਸਵਾਗਤ ਕੀਤਾ।

Rahul Gandhi at Darbar Sahib

ਇਸ ਤੋਂ ਬਾਅਦ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਪਹੁੰਚੇ, ਉਥੇ ਕਾਂਗਰਸੀ ਉਮੀਦਵਾਰਾਂ ਨਾਲ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਇਸ ਮੌਕੇ ਉਹਨਾਂ ਨੇ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਉਹ ਜਲਿਆਂਵਾਲਾ ਬਾਗ ਗਏ, ਇੱਥੇ ਉਹਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Rahul Gandhi at Durgiana Mandir

ਇਸ ਤੋਂ ਬਾਅਦ ਉਹਨਾਂ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਚ ਮੱਥਾ ਟੇਕਿਆ ਅਤੇ ਦੁਰਗਿਆਣਾ ਕਮੇਟੀ ਨੇ ਉਹਨਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਉਪਰੰਤ ਰਾਹੁਲ ਗਾਂਧੀ ਭਗਵਾਨ ਵਾਲਮੀਕਿ ਮੰਦਰ 'ਤੇ ਵੀ ਮੱਥਾ ਟੇਕਣ ਗਏ। ਇਸ ਮੌਕੇ ਉਹਨਾਂ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਸਣੇ ਕਾਂਗਰਸ ਦੇ ਉਮੀਦਵਾਰ ਅਤੇ ਆਗੂ ਵੀ ਸ਼ਾਮਲ ਸਨ।

Rahul Gandhi Punjab Visit

ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿਚ ਸਾਰੇ 117 ਉਮੀਦਵਾਰਾਂ ਦੇ ਨਾਲ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣਾ ਸ਼ਾਮਲ ਹੈ। ਪੰਜਾਬ ਵਿਚ ਕਾਂਗਰਸ ਨੇ ਹੁਣ ਤੱਕ 177 ਵਿਚੋਂ 109 ਉਮੀਦਵਾਰਾਂ ਦਾ ਐਲਾਨ ਕੀਤਾ ਹੈ। 8 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਅਜਿਹੇ 'ਚ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਸਨ ਕਿ ਰਾਹੁਲ ਗਾਂਧੀ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਇਹ ਸੂਚੀ ਜਾਰੀ ਹੋ ਸਕਦੀ ਹੈ।