ਪੰਜਾਬ ਸਰਕਾਰ ਨੇ ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖ਼ਰਚ ਕਰਨ ਦਾ ਕੀਤਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਪ੍ਰਦਾਨ ਕਰਨਾ ਹੈ

Dr. Inderbir Singh Nijjar

---
ਲੁਧਿਆਣਾ ਜ਼ਿਲ੍ਹੇ ਦੀ ਵੱਡੀ ਆਬਾਦੀ ਨੂੰ ਮਿਲੇਗਾ ਵਿਕਾਸ ਕਾਰਜਾਂ ਦਾ ਲਾਭ
ਪੰਜਾਬ ਸਰਕਾਰ ਵਲੋਂ ਖ਼ਰਚੇ ਜਾਣਗੇ 29.08 ਕਰੋੜ ਰੁਪਏ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਵਿਕਾਸ ਕਾਰਜਾਂ 'ਤੇ ਕਰੀਬ 29.08 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ।  ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਕਰਜ਼ੇ ਦੀ ਰਿਪੋਰਟ ਤੋਂ ਬਾਅਦ ਡਿੱਗੇ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ 

ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਲਾਸਾ ਕੀਤਾ ਕਿ ਨਗਰ ਨਿਗਮ ਲੁਧਿਆਣਾ ਲਈ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਢੋਆ-ਢੁਆਈ ਲਈ ਹੁੱਕ ਲੋਡਰਾਂ ਅਤੇ ਸੈਕੰਡਰੀ ਸਟੋਰੇਜ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ 'ਤੇ 27.67 ਕਰੋੜ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਇਸ ਵਿੱਚ ਸੰਚਾਲਣ ਅਤੇ ਰੱਖ-ਰੱਖਾਅ ਵੀ ਸ਼ਾਮਲ ਹੈ। ਇਸੇ ਤਰ੍ਹਾਂ ਕੋਰਟ ਕੰਪਲੈਕਸ, ਡੀ.ਸੀ ਦਫ਼ਤਰ ਅਤੇ ਸਬੰਧਤ ਖੇਤਰਾਂ ਵਿੱਚ ਨਿਗਰਾਨੀ ਦੇ ਬੁਨਿਆਦੀ ਢਾਂਚੇ ਨੂੰ ਲਾਗੂ ਕਰਨ ਲਈ 66.76 ਲੱਖ ਰੁਪਏ ਖ਼ਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੈਂਟਰਲ ਸਟੋਰ ਨਗਰ ਨਿਗਮ ਲੁਧਿਆਣਾ ਲਈ ਰੈਡੀ ਮਿਕਸ ਰੋਡ ਰਿਪੇਅਰ ਬਿਟੂਮਿਨਸ ਸਮੱਗਰੀ ਦੀ ਸਪਲਾਈ ਲਈ 74.70 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਵੱਡੀ ਆਬਾਦੀ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਮਿਲੇਗਾ।  ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਨੇ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਹੈਲੀਕਾਪਟਰ 'ਤੇ ਲਾੜੀ ਵਿਆਹੁਣ ਆਏ ਲਾੜੇ ਨੇ ਪੂਰੀ ਕੀਤੀ ਮਾਪਿਆਂ ਦੀ ਇੱਛਾ

ਡਾ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।  ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।