ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦਾ ਵੱਡਾ ਐਕਸ਼ਨ

Home Guard volunteer arrested by Vigilance Bureau on charges of demanding bribe on behalf of police accused

ਚੰਡੀਗੜ੍ਹ: ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਇੱਕ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੇਸ ਦਰਜ ਨਾ ਕਰਨ ਵਿੱਚ ਮਦਦ ਕਰਨ ਬਦਲੇ ਥਾਣੇ ਦੇ ਪੁਲਿਸ ਮੁਲਾਜ਼ਮਾਂ ਤਰਫੋਂ 5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਇਹ ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਉਪਰੰਤ ਸ਼ਿਕਾਇਤ ਵਿੱਚ ਹੋਮਗਾਰਡ ਵਾਲੰਟੀਅਰ ਮਲਕੀਤ ਸਿੰਘ ਵਿਰੁੱਧ ਲਗਾਏ ਗਏ ਦੋਸ਼ ਸਹੀ ਪਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।