ਗੈਰ ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ : ਬਰਿੰਦਰ ਕੁਮਾਰ ਗੋਇਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖਣਨ ਮੰਤਰੀ ਵੱਲੋਂ ਮਾਈਨਿੰਗ ਸਾਈਟਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼

Illegal mining will not be tolerated: Barinder Kumar Goyal

ਜਲੰਧਰ: ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਮਾਈਨਿੰਗ ਸਾਈਟਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ।

ਇਥੇ ਕੈਨਾਲ ਰੈਸਟ ਹਾਊਸ ਵਿਖੇ ਮਾਈਨਿੰਗ ਤੇ ਡਰੇਨੇਜ ਵਿਭਾਗ ਦੇ ਜਲੰਧਰ ਸਰਕਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਖ਼ਤਿਆਰ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਤੇ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕਰਵਾਈ ਜਾਵੇ।

ਗੈਰ ਕਾਨੂੰਨੀ ਮਾਈਨਿੰਗ ਨਾਲ ਸਖ਼ਤੀ ਨਾਲ ਨਜਿੱਠਣ ’ਤੇ ਜ਼ੋਰ ਦਿੰਦਿਆਂ ਸ਼੍ਰੀ ਗੋਇਲ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਖੱਡਾਂ ਦਾ ਨਿਯਮਿਤ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਤ ਸਮੇਂ ਲਗਾਤਾਰ ਚੈਕਿੰਗ ਕੀਤੀ ਜਾਵੇ ਤਾਂ ਜੋ ਰਾਤ ਦੇ ਹਨੇਰੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਕਿਸੇ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ।  ਪੰਜਾਬ ਸਰਕਾਰ ਦੀ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬੱਧਤਾ ਦਹੁਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੀਟਿੰਗ ਵਿੱਚ ਮਾਈਨਿੰਗ ਸਰਕਲ ਜਲੰਧਰ ਦੇ ਐਸ.ਈ. ਅਮਰਿੰਦਰ ਸਿੰਘ ਪੰਧੇਰ, ਐਕਸੀਅਨ ਜਲੰਧਰ ਤੇ ਕਪੂਰਥਲਾ ਸਰਤਾਜ ਸਿੰਘ ਰੰਧਾਵਾ, ਐਕਸੀਅਨ ਲੁਧਿਆਣਾ ਰਜਤ ਗਰੋਵਰ, ਐਕਸੀਅਨ ਨਵਾਂ ਸ਼ਹਿਰ ਸੰਚਿਤ, ਐਸ.ਡੀ.ਓ. ਸੁਖਪਾਲ ਸਿੰਘ, ਮਨਹੋਰ ਲਾਲ, ਸਤਵਿੰਦਰ ਸਿੰਘ ਕੰਗ ਤੇ ਪ੍ਰਿੰਸ ਸਿੰਘ ਅਤੇ ਹੋਰ ਉਪ ਮੰਡਲ ਅਫ਼ਸਰ ਵੀ ਮੌਜੂਦ ਸਨ।