ਕਿਸਾਨਾਂ ਵਲੋਂ ਜੇਲ ਭਰੋ ਅੰਦੋਲਨ ਸ਼ੁਰੂ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਤੇ ਵਰਕਰਾਂ ਨੇ ਪੂਰੀ ਕਰਜ਼ਾ ਮੁਆਫ਼ੀ ਅਤੇ ਸਵਾਮੀਨਾਥਨ ਰੀਪੋਰਟ ਨੂੰ ਲਾਗੂ ਕਰਨ ਦੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ..
ਬਠਿੰਡਾ, 9 ਅਗੱਸਤ (ਸੁਖਜਿੰਦਰ ਮਾਨ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਤੇ ਵਰਕਰਾਂ ਨੇ ਪੂਰੀ ਕਰਜ਼ਾ ਮੁਆਫ਼ੀ ਅਤੇ ਸਵਾਮੀਨਾਥਨ ਰੀਪੋਰਟ ਨੂੰ ਲਾਗੂ ਕਰਨ ਦੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਜੇਲ ਭਰੋ ਅੰਦੋਲਨ ਸ਼ੁਰੂ ਕਰ ਦਿਤਾ ਹੈ।
ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਧਰਨੇ ਦੇ ਪਹਿਲੇ ਦਿਨ ਕਰੀਬ 185 ਕਿਸਾਨਾਂ ਨੇ ਅਪਣੀਆਂ ਗ੍ਰਿਫ਼ਤਾਰੀ ਦਿਤੀਆਂ, ਹਾਲਾਂਕਿ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਜੇਲ ਭੇਜਣ ਦੇ ਮੁੱਦੇ ਨੂੰ ਲੈ ਕੇ ਦੇਰ ਸ਼ਾਮ ਤਕ ਭੰਬਲਭੂਸੇ 'ਚ ਵੇਖਣ ਨੂੰ ਮਿਲੀ ਜਿਸ ਦੇ ਚਲਦੇ ਕਿਸਾਨਾਂ ਨੇ ਅਪਣੇ ਇਸ ਧਰਨੇ ਨੂੰ ਅਣਮਿਥੇ ਸਮੇਂ 'ਚ ਤਬਦੀਲ ਕਰ ਦਿਤਾ। ਅਪਣੇ ਤੈਅ ਸ਼ੁਦਾ ਪ੍ਰੋਗਰਾਮ ਤਹਿਤ ਅੱਜ ਕਿਸਾਨ ਪਹਿਲਾਂ ਵੱਡੀ ਗਿਣਤੀ ਵਿਚ ਸਥਾਨਕ ਚਿਲਡਰਨ ਪਾਰਕ ਵਿਚ ਇਕੱਠੇ ਹੋਏ ਅਤੇ ਇਸ ਤੋਂ ਬਾਅਦ ਮਾਰਚ ਕਢਦੇ ਹੋਏ ਮਿੰਨੀ ਸਕੱਤਰੇਤ ਅੱਗੇ ਪੁੱਜੇ ਸਨ। ਇਸ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਵੀ ਕੀਤੀ। ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਸੰਗਠਨ (ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਸੰਗਠਨ, ਪਗੜੀ ਸੰਭਾਲ ਜੱਟਾ ਲਹਿਰ ਅਤੇ
ਦੋਆਬਾ ਸੰਘਰਸ਼ ਕਮੇਟੀ) ਦੁਆਰਾ 3 ਅਗੱਸਤ ਤੋਂ ਦਿੱਲੀ ਵਿਚ ਜੰਤਰ ਮੰਤਰ ਅੱਗੇ ਅਪਣੀਆਂ ਦੋ ਮੰਗਾਂ ਡਾ. ਸੁਆਮੀ ਨਾਥਨ ਰੀਪੋਰਟ ਲਾਗੂ ਕਰਵਾਉਣ ਤੇ ਕਿਸਾਨਾਂ ਦੇ ਸਾਰੇ ਕਰਜ਼ਿਆਂ 'ਤੇ ਲੀਕ ਮਾਰਨ ਲਈ ਪੱਕਾ ਮੋਰਚਾ ਲਗਾਇਆ ਗਿਆ ਪਰ ਇਹ ਦੋਨੋਂ ਹੀ ਮੰਗਾਂ ਹਾਲੇ ਤਕ ਨਹੀਂ ਮੰਨੀਆਂ ਗਈਆਂ ਹਨ ਜਿਸ ਕਾਰਨ ਕਿਸਾਨਾਂ ਵਿਚ ਰੋਸ ਹੈ।
ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਵੀ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਸਾਰੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦਾ ਹਾਲੇ ਤਕ ਪੂਰਾ ਨਹੀਂ ਕੀਤਾ ਜਿਸ ਦੇ ਚੱਲਦੇ ਕਿਸਾਨ ਖ਼ੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇਹ ਮੰਗਾਂ ਮੰਨੀਆਂ ਜਾਣ ਤਾਂ ਇਸ 'ਤੇ ਕੁੱਝ ਹੱਦ ਤਕ ਠੱਲ੍ਹ ਪੈ ਸਕਦੀ।
ਉਨ੍ਹਾਂ ਕਿਹਾ ਕਿ ਇਹ ਅੱਜ ਉਨ੍ਹਾਂ ਦੇ ਸੰਗਠਨ ਵਲੋਂ ਦੇਸ਼ ਭਰ ਵਿਚ ਹੈਡਕੁਆਰਟਰਾਂ 'ਤੇ ਲਾਇਆ ਗਿਆ। ਆਗੂ ਨੇ ਕਿਹਾ ਕਿ ਉਨ੍ਹਾਂ ਦੇ 185 ਤੋਂ ਉਪਰ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਪੁਲੀਸ ਵਲੋਂ ਕੀਤੀਆਂ ਹਨ ਪਰ ਇਨ੍ਹਾਂ ਨੂੰ ਬਠਿੰਡਾ ਸ਼ਹਿਰ ਦੇ ਵੱਖ ਵੱਖ ਥਾਣਿਆਂ ਵਿਚ ਡੱਕਿਆ ਗਿਆ ਜਦਕਿ ਉਨ੍ਹਾਂ ਦੀ ਮੰਗ ਕਿ ਕਿਸਾਨਾਂ ਨੂੰ ਜੇਲ੍ਹ ਭੇਜਿਆ ਜਾਵੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਥਾਣੇ ਵਿਚ ਡੱਕੇ ਹੋਣ ਅਤੇ ਜੇਲ ਨਾ ਭੇਜੇ ਜਾਣ ਦੇ ਰੋਸ ਵਜੋਂ ਉਨ੍ਹਾਂ ਵਲੋਂ ਪੱਕਾ ਧਰਨਾ ਸ਼ੁਰੂ ਕਰ ਦਿਤਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਇਸ ਧਰਨੇ ਮੌਕੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਕਾਕਾ ਸਿੰਘ ਕੋਟੜਾ, ਰੇਸ਼ਮ ਸਿੰਘ ਯਾਤਰੀ, ਜ਼ਿਲ੍ਹਾ ਮੀਤ ਪ੍ਰਧਾਨ ਮੁਖਤਿਆਰ ਸਿੰਘ ਕੁੱਬੇ, ਜੋਧਾ ਸਿਘੰ ਨਗਲਾ, ਜ਼ਿਲ੍ਹਾ ਮੀਤ ਪ੍ਰਧਾਨ ਜੋਧਾ ਸਿੰਘ, ਮੀਤ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਗੇਜਾ ਸਿੰਘ ਕੋਟਲੀ, ਸੁਖਦਰਸ਼ਨ ਸਿੰਘ ਖੇਮੂਆਣਾ ਦੇ ਇਲਾਵਾ ਹੋਰ ਵੀ ਮੌਜੂਦ ਸਨ। ਉਧਰ ਸੰਪਰਕ ਕਰਨ 'ਤੇ ਡੀ.ਐਸ.ਪੀ ਟ੍ਰੈਫਿਕ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ 150 ਦੇ ਕਰੀਬ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ।