Punjab News: ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਭਾਜਪਾ ’ਚ ਜਾਣ ਮਗਰੋਂ CM ਭਗਵੰਤ ਮਾਨ ਦਾ ਤੰਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਾਇਰਾਨਾ ਅੰਦਾਜ਼ ਵਿਚ ਵਿੰਨ੍ਹਿਆ ਨਿਸ਼ਾਨਾ

CM Bhagwant Mann Tweet after Sushil Rinku and Sheetal Angural join BJP

Punjab News: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿਚ ਜਾਣ ਮਗਰੋਂ ਮੁੱਖ ਮੰਤਰੀ ਨੇ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ਵਿਚ ਨਿਸ਼ਾਨਾ ਵਿੰਨ੍ਹਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਗਰਦਨ ਹਮੇਸ਼ਾ ਮਾਣ ਨਾਲ ਉੱਚੀ ਰੱਖਣਗੇ।

 

 

ਮੁੱਖ ਮੰਤਰੀ ਨੇ ਐਕਸ ਉਤੇ ਲਿਖਿਆ “ਅਪਣੇ ਵਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ...ਪਰ ਵਿਚ ਸਮੁੰਦਰ ਜਾ ਕੇ ਉਹ ਮਰ ਜਾਂਦਾ ਹੈ...ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ...ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ।ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ”।

ਆਮ ਆਦਮੀ ਪਾਰਟੀ ਨੇ ਭਾਜਪਾ ਤੇ ਲਗਾਏ ਇਲਜ਼ਾਮ

ਇਕ ਪਾਸੇ 'ਆਪ' ਦੇ ਦੋ ਆਗੂ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਹੁਣ ‘ਆਪ’ ਦੇ ਤਿੰਨ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਭਾਜਪਾ ‘ਤੇ ਗੰਭੀਰ ਦੋਸ਼ ਲਾਏ ਹਨ। ਵਿਧਾਇਕਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਇਸ ਜ਼ਰੀਏ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ 25-25 ਕਰੋੜ ਰੁਪਏ ਅਤੇ ਅਹੁਦਿਆਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।  

ਇਸ ਮਾਮਲੇ 'ਚ ਭਾਜਪਾ ਦੇ ਸੀਨੀਅਰ ਆਗੂ ਵਿਨੀਤ ਜੋਸ਼ੀ ਦਾ ਕਹਿਣਾ ਹੈ ਕਿ ਸੂਬੇ 'ਚ 'ਆਪ' ਦੀ ਸਰਕਾਰ ਹੈ। ਅਜਿਹੇ 'ਚ ਜੇਕਰ ਉਨ੍ਹਾਂ ਦੇ ਵਿਧਾਇਕ ਸੱਚੇ ਇਲਜ਼ਾਮ ਲਗਾ ਰਹੇ ਹਨ ਤਾਂ ਮਾਮਲੇ ਦੀ ਜਾਂਚ ਕਰਵਾਈ ਜਾਵੇ। ਭਾਜਪਾ ਬੁਲਾਰੇ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਆਮ ਆਦਮੀ ਪਾਰਟੀ ਦੇ ਲੋਕ ਇਸ ਤੋਂ ਪਹਿਲਾਂ ਵੀ ਅਜਿਹੇ ਇਲਜ਼ਾਮ ਲਗਾਉਂਦੇ ਰਹੇ ਹਨ।

ਪ੍ਰੈਸ ਕਾਨਫਰੰਸ ਵਿਚ ‘ਆਪ’ ਦੇ ਸੀਨੀਅਰ ਆਗੂ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ, ਰਜਿੰਦਰਪਾਲ ਕੌਰ ਛੀਨਾ ਅਤੇ ਅਮਨਦੀਪ ਮੁਸਾਫਿਰ ਹਾਜ਼ਰ ਸਨ। ਉਨ੍ਹਾਂ ਦਸਿਆ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ ਵਿਚ ਡੱਕਣ ਤੋਂ ਬਾਅਦ ਹੁਣ ਪਾਰਟੀ ਆਗੂਆਂ, ਸੰਸਦ ਮੈਂਬਰਾਂ ਅਤੇ ਕੌਂਸਲਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਰਟੀ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਹ ਵਿਕਾਊ ਨਹੀਂ ਹਨ।

ਤਿੰਨ ਵਿਧਾਇਕਾਂ ਨੇ ਦਸਿਆ ਕਿ ਕੱਲ੍ਹ ਦਿਨ ਵੇਲੇ ਉਨ੍ਹਾਂ ਨੂੰ ਫੋਨ ਆਏ ਸਨ। ਸਾਰਿਆਂ ਨੂੰ ਫੋਨ ਕਰਨ ਵਾਲੇ ਵਿਅਕਤੀ ਨੇ ਅਪਣਾ ਨਾਂ ਸੇਵਕ ਸਿੰਘ ਦਸਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਲਾਲਚ ਦਿਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਮੰਗ ਬਾਰੇ ਵੀ ਪੁੱਛਿਆ ਗਿਆ। ਹਾਲਾਂਕਿ ਤਿੰਨਾਂ ਨੇ ਇਨਕਾਰ ਕਰ ਦਿਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਅਸੀਂ ਨਾ ਡਰਾਂਗੇ ਅਤੇ ਨਾ ਹੀ ਝੁਕਾਂਗੇ।

(For more Punjabi news apart from CM Bhagwant Mann Tweet after Sushil Rinku and Sheetal Angural join BJP, stay tuned to Rozana Spokesman)