ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵਲੋਂ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਰੀਆਂ ਪਾਰਟੀਆਂ ਨੇ ਚੋਣ ਪ੍ਰਕਿਰਿਆ ’ਤੇ ਆਪਣੀ ਪੂਰੀ ਤਸੱਲੀ ਪ੍ਰਗਟਾਈ

Chief Electoral Officer Sibin C holds meeting with representatives of all political parties in the state

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਸੂਬੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀ ਨਾਲ ਇਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇਕ ਪੀਪੀਟੀ ਦਿਖਾਈ ਗਈ ਜਿਸ ਵਿਚ ਸੰਵਿਧਾਨਕ ਉਪਬੰਧਾਂ (ਆਰਟੀਕਲ 324 ਤੋਂ 329) ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951, ਨਿਯਮਾਂ ਅਤੇ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਗਈਆਂ ਵੱਖ-ਵੱਖ ਹਦਾਇਤਾਂ ਬਾਰੇ ਵਿਸਥਾਰ ਨਾਲ ਦਸਿਆ ਗਿਆ ਹੈ।

ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਨੂੰ ਸੂਚਿਤ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿਚ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੇ ਪੱਧਰ ’ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਸਫਲਤਾਪੂਰਵਕ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਇਹ ਵੀ ਦਸਿਆ ਕਿ ਜ਼ਿਲ੍ਹਾ ਪਧਰੀ ਮੀਟਿੰਗਾਂ ਦੌਰਾਨ ਕੋਈ ਵੀ ਮੁੱਦਾ ਜਾਂ ਚਿੰਤਾਵਾਂ ਸਾਹਮਣੇ ਨਹੀਂ ਆਈਆਂ ਅਤੇ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਕਿਰਿਆ ’ਤੇ ਆਪਣੀ ਪੂਰੀ ਤਸੱਲੀ ਪ੍ਰਗਟਾਈ ਹੈ।

ਹਾਲਾਂਕਿ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੋਟਰ ਸੂਚੀਆਂ, ਚੋਣਾਂ ਦੇ ਸੰਚਾਲਨ, ਨਿਯਮਾਂ ਤੇ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਹਦਾਇਤਾਂ, ਸ਼ਿਕਾਇਤਾਂ ਤੇ ਚੋਣਾਂ ਦੇ ਹੋਰ ਮੁੱਦਿਆਂ ਨਾਲ ਸਬੰਧਤ ਰਾਜ ਪੱਧਰ ਦੇ ਕਿਸੇ ਵੀ ਮੁੱਦੇ ’ਤੇ ਚਰਚਾ ਕਰ ਸਕਦੇ ਹਨ। ਸਿਬਿਨ ਸੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਸੇਵਾਵਾਂ ਨਾਲ ਸਬੰਧਤ ਕਿਸੇ ਵੀ ਮੁੱਦੇ ਜਾਂ ਚੁਣੌਤੀਆਂ ਨੂੰ ਸਾਂਝਾ ਕਰਨ ਲਈ ਵੀ ਸੱਦਾ ਦਿਤਾ।

ਮੀਟਿੰਗ ਵਿਚ ਹਾਜ਼ਰ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਮੀਨੀ ਪੱਧਰ ’ਤੇ ਵੋਟਰ ਸੂਚੀ ਅਤੇ ਹੋਰ ਵੱਖ-ਵੱਖ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਦੇ ਸਬੰਧ ਵਿਚ ਆਪਣੀ ਤਸੱਲੀ ਪ੍ਰਗਟਾਈ ਅਤੇ ਇਹ ਵੀ ਦਸਿਆ ਕਿ ਉਨ੍ਹਾਂ ਕੋਲ ਕੋਈ ਖਾਸ ਮੁੱਦਾ ਉਠਾਉਣ ਲਈ ਨਹੀਂ ਹੈ। ਇੰਡੀਅਨ ਨੈਸ਼ਨਲ ਕਾਂਗਰਸ ਦੇ ਨੁਮਾਇੰਦੇ ਨੇ ਭਾਰਤੀ ਚੋਣ ਕਮਿਸ਼ਨ ਨੂੰ ਵਿਚਾਰ ਕਰਨ ਲਈ ਸੁਝਾਵਾਂ ਨਾਲ ਇਕ ਪ੍ਰਸਤਾਵ ਦਿਤਾ।

ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਨੁਮਾਇੰਦੇ ਨਿਯੁਕਤ ਕਰਨ ਅਤੇ ਹਰੇਕ ਪੋਲਿੰਗ ਬੂਥ ਲਈ ਬੂਥ ਲੈਵਲ ਏਜੰਟ (ਬੀਐਲਏ) ਨਿਯੁਕਤ ਕਰਨ ਤੇ ਉਨ੍ਹਾਂ ਦੇ ਵੇਰਵੇ ਜਲਦੀ ਤੋਂ ਜਲਦੀ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੂੰ ਜਮ?ਹਾ ਕਰਨ ਦੀ ਬੇਨਤੀ ਕੀਤੀ।