ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ  ਕੈਪਟਨ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ...

Captain Amarinder Singh with others

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅੱਜ ਵਿੱਤ ਵਿਭਾਗ ਨੂੰ ਤੁਰਤ ਲੋੜੀਂਦੇ ਫ਼ੰਡ ਜਾਰੀ ਕਰਨ ਦੇ ਹੁਕਮ ਦਿਤੇ। ਅੱਜ ਇਥੇ ਇਨ੍ਹਾਂ ਇਤਿਹਾਸਕ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ। 

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਦੀਆਂ ਸੜਕਾਂ ਦੀ ਬਿਹਤਰੀ ਅਤੇ ਮਜ਼ਬੂਤੀ ਦੇ ਕੰਮ ਜਲਦ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਆਉਣ ਵਾਲੇ ਦਿਨਾਂ 'ਚ ਸੁਲਤਾਨਪੁਰ ਲੋਧੀ ਦੀ ਪੂਰਨ ਕਾਇਆ ਕਲਪ ਦਾ ਵਿਸ਼ਵਾਸ ਦਿਵਾਇਆ। ੁਮੁੱਖ ਮੰਤਰੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਦੇਸ਼-ਵਿਦੇਸ਼ ਵਿਚੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਇੰਤਜ਼ਾਮ ਕੀਤੇ ਜਾਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਸਮਾਗਮਾਂ ਤੋਂ ਪਹਿਲਾਂ ਪਵਿੱਤਰ ਕਾਲੀ ਬੇਈਂ ਦੀ ਸਵੱਛਤਾ ਲਈ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਨ ਦੇ ਵੀ ਨਿਰਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਇਸ ਬੇਈਂ ਦੀ ਸਿੱਖ ਇਤਿਹਾਸ ਵਿਚ ਬੇਹੱਦ ਮਹੱਤਤਾ ਹੈ ਅਤੇ ਸੂਬਾ ਸਰਕਾਰ ਨੇ ਜਲਦ ਤੋਂ ਜਲਦ ਇਸ ਦੀ ਸਵੱਛਤਾ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਦੇ ਇੰਤਜ਼ਾਮਾਂ ਲਈ ਬਜਟ ਵਿਚ 100 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ ਅਤੇ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਉੱਤੇ ਕੇਂਦਰਤ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਵੱਖ-ਵੱਖ ਸਥਾਨਾਂ ਨੂੰ ਜੋੜਨ ਵਾਲੀਆਂ ਸੜਕਾਂ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ, ਦਾ ਨਾਂ 'ਗੁਰੂ ਨਾਨਕ ਮਾਰਗ' ਰੱਖਣ ਦਾ ਫ਼ੈਸਲਾ ਕੀਤਾ ਹੈ।