ਕਰਤਾਰਪੁਰ ਲਾਂਘੇ ‘ਤੇ ਮੀਟਿੰਗ ਅੱਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੀਟਿੰਗ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 2 ਵਜੇ ਤੱਕ ਚੱਲੇਗੀ

Meeting on Kartarpur corridor today

ਡੇਰਾ ਬਾਬਾ ਨਾਨਕ: ਡੇਰਾ ਬਾਬਾ ਨਾਨਕ ਵਿਖੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਜ਼ੀਰੋ ਲਾਈਨ ‘ਤੇ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ ਤੇ ਮੀਟਿੰਗ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 2 ਵਜੇ ਤੱਕ ਚੱਲੇਗੀ। ਇਸ ਮੀਟਿੰਗ ਵਿਚ ਲਾਂਘੇ ਨੂੰ ਬਣਾਉਣ ਸਬੰਧੀ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਤਕਨੀਕੀ ਪਹਿਲੂਆਂ ‘ਤੇ ਵੀ ਗੱਲਬਾਤ ਕੀਤੀ ਜਾਵੇਗੀ।

ਇਸ ਮੀਟਿੰਗ ‘ਚ ਇਹ ਵੀ ਸਪਸ਼ਟ ਹੋ ਜਾਵੇਗਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਪਵੇਗੀ ਜਾ ਨਹੀਂ। ਇਸ ਦੌਰਾਨ ਦੋਵੇਂ ਧਿਰਾਂ ’ਚ ਪ੍ਰਾਜੈਕਟ ਬਾਰੇ ਤਕਨੀਕੀ ਪੱਧਰ ਦੀ ਚਰਚਾ ਵੀ ਹੋਵੇਗੀ। ਦੋਵੇਂ ਮੁਲਕ ਸਿੱਖਾਂ ਦੇ ਇਸ ਸੁਫਨੇ ਨੂੰ ਸਾਕਾਰ ਕਰਨ ਲਈ ਗੰਭੀਰ ਹਨ। ਦੱਸ ਦਈਏ ਕਿ ਪਾਕਿਸਤਾਨ ਵਾਲੇ ਪਾਸਿਓਂ ਲਾਂਘੇ ਦਾ ਕੰਮ ਕਾਫੀ ਸਮੇਂ ਤੋਂ ਸ਼ੁਰੂ ਹੋ ਚੁੱਕਿਆ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ ਅਤੇ ਭਾਰਤ ਵੱਲੋਂ ਵੀ ਕੰਮ ਸ਼ੁਰੂ ਹੋ ਗਿਆ ਹੈ।

ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤਿ ਸਮਾਏ ਸਨ।