ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਕੇ ਅਤੇ ਸਰਕਾਰ ਦੀਆਂ ਅਰਥੀਆਂ ਫੂਕ ਕੇ ਇਤਿਹਾਸਕ ਕਾਲਾ ਦਿਵਸ ਮਨਾਇਆ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਕੇ ਅਤੇ ਸਰਕਾਰ ਦੀਆਂ ਅਰਥੀਆਂ ਫੂਕ ਕੇ ਇਤਿਹਾਸਕ ਕਾਲਾ ਦਿਵਸ ਮਨਾਇਆ

image


ਪੰਜਾਬ ਤੇ ਹਰਿਆਣਾ ਇਕ ਹੋ ਕੇ ਕਿਸਾਨਾਂ ਦੇ ਹੱਕ ਵਿਚ ਭੁਗਤੇ

ਚੰਡੀਗੜ੍ਹ, 26 ਮਈ (ਸਪੋਕਸਮੈਨ ਸਮਾਚਾਰ ਸੇੇਵਾ) : ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ  6 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ 'ਕਾਲਾ ਦਿਨ' ਮਨਾਇਆ ਗਿਆ, ਜਿਸ ਨੂੰ  ਪੂਰੇ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲਿਆ | ਪੂਰੇ ਰਾਜ ਵਿਚ ਅੱਜ ਸਵੇਰ ਤੋਂ ਹੀ ਲੋਕਾਂ ਵਲੋਂ ਪਿੰਡ-ਪਿੰਡ ਅਤੇ ਸ਼ਹਿਰਾਂ ਵਿੱਚ ਮੋਦੀ ਦੇ ਪੁਤਲੇ ਸਾੜੇ ਜਾ ਰਹੇ ਹਨ | ਦੂਜੇ ਪਾਸੇ ਅਪਣੇ ਘਰਾਂ ਅਤੇ ਵਾਹਨਾਂ 'ਤੇ ਕਾਲੇ ਝੰਡੇ ਲਗਾ ਕੇ ਰੋਸ ਜ਼ਾਹਰ ਕੀਤਾ ਗਿਆ | ਕਿਸਾਨਾਂ ਨੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਫ਼ਸਲਾਂ ਨੂੰ  ਐਮਐਸਪੀ 'ਤੇ ਖ਼ਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਜਦੋਂ ਤਕ ਤਿੰਨੇ ਕਾਨੂੰਨ ਰੱਦ ਨਹੀਂ ਹੋਣਗੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ | ਉਧਰ ਰਾਜਸੀ ਪਾਰਟੀਆਂ ਦੇ ਵੱਡੇ ਆਗੂਆਂ ਨੇ ਆਪੋ-ਅਪਣੇ ਘਰਾਂ ਅਤੇ ਪਾਰਟੀ ਦਫ਼ਤਰਾਂ ਵਿਚ ਕਾਲੇ ਝੰਡੇ ਲਹਿਰਾਏ, ਜਦੋਂ ਕਿ ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ ਵਿਚ ਕਾਲੇ ਝੰਡੇ ਲਹਿਰਾਏ ਗਏ ਅਤੇ ਮੋਦੀ ਸਰਕਾਰ ਦੀਆਂ ਥਾਂ ਥਾਂ ਅਰਥੀਆਂ ਸਾੜੀਆਂ ਗਈਆਂ ਹਨ |
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਦੇ ਅੱਜ 6 ਮਹੀਨੇ ਪੂਰੇ ਹੋ ਗਏ ਹਨ, ਜਿਸ ਨੂੰ  ਮੁੱਖ ਰਖਦਿਆਂ ਸੁੰਯਕਤ ਕਿਸਾਨ ਮੋਰਚਾ ਵਲੋਂ ਅੱਜ ਦੇ ਦਿਨ ਨੂੰ  ਕਾਲਾ ਦਿਵਸ ਮਨਾਉਣ ਦਾ ਸੱਦਾ ਦਿਤਾ ਗਿਆ ਸੀ | ਇਸ ਸੱਦੇ ਨੂੰ  ਲੈ ਕੇ ਪੰਜਾਬ ਭਰ ਵਿਚ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਦੁਕਾਨਦਾਰ, ਦਿਹਾੜੀਦਾਰ ਜਥੇਬੰਦੀਆਂ ਨੇ ਘਰਾਂ, ਦੁਕਾਨਾਂ, ਬਜ਼ਾਰਾਂ, ਬੱਸਾਂ ਅਤੇ ਹੋਰ ਵੱਖ-ਵੱਖ ਵਾਹਨਾਂ ਉਪਰ ਕਾਲੇ ਝੰਡੇ ਲਹਿਰਾਏ ਗਏ ਹਨ | ਪਿੰਡਾਂ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ ਅਤੇ ਲੋਕਾਂ ਨੂੰ  ਹੋਕਾ ਦਿਤਾ ਗਿਆ ਕਿ ਉਹ ਕਾਲੇ ਖੇਤੀ ਕਾਨੂੰਨਾਂ ਵਿਰੁਧ ਲੜੀ ਜਾ ਰਹੀ ਜੰਗ ਵਿਚ ਹੋਰ ਵੀ ਭਰਵਾਂ ਸਾਥ ਦੇਣ | ਜਥੇਬੰਦੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਤਿੰਨ ਖੇਤੀ ਕਾਨੂੰਨਾਂ ਨੂੰ  ਵਾਪਸ ਕਰਵਾਉਣ ਤੋਂ ਬਾਅਦ ਹੀ ਵਾਪਸ ਘਰਾਂ ਨੂੰ  ਆਉਣਗੇ |
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਦੇ 80 ਫ਼ੀ ਸਦੀ ਪਿੰਡਾਂ-ਸ਼ਹਿਰਾਂ 'ਚ ਕਾਲੇ-ਚੋਲ਼ਿਆਂ, ਕਾਲੀਆਂ ਪੱਗਾਂ, ਕਾਲੀਆਂ ਚੁੰੰਨੀਆਂ ਅਤੇ ਕਾਲੀਆਂ ਪੱਟੀਆਂ ਨਾਲ ਸ਼ਮੂਲੀਅਤ ਕਰਦਿਆਂ ਵੱਖੋ-ਵੱਖਰੇ ਢੰਗਾਂ ਨਾਲ ਵਿਰੋਧ-ਪ੍ਰਦਰਸ਼ਨ ਹੋਏ ਹਨ | 

ਮੋਦੀ-ਸਰਕਾਰ ਵਿਰੁਧ ਅਰਥੀ-ਫੂਕ ਮੁਜ਼ਾਹਰਿਆਂ, ਰੋਸ-ਮਾਰਚ, ਟਰੈਕਟਰ ਮਾਰਚ, ਖੇਤੀ-ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਦੀਆਂ ਕਾਪੀਆਂ ਫੂਕਦਿਆਂ ਅਤੇ ਘਰਾਂ 'ਤੇ ਕਾਲੇ-ਝੰਡੇ ਲਹਿਰਾਉਂਦਿਆਂ ਹਰ ਵਰਗ ਨੇ ਇਹ ਦਰਸਾ ਦਿਤਾ ਹੈ ਕਿ ਕੇਂਦਰ-ਸਰਕਾਰ ਨੂੰ  ਖੇਤੀ-ਕਾਨੂੰਨ, ਬਿਜਲੀ-ਸੋਧ-ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨੇ ਹੀ ਪੈਣਗੇ | ਦੁਕਾਨਾਂ, ਦਫ਼ਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਈਕਲਾਂ, ਬਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਕੇਂਦਰ-ਸਰਕਾਰ ਵਿਰੁਧ ਲੋਕਾਂ ਨੇ ਤਿੱਖਾ ਰੋਸ ਜਤਾਇਆ |
ਇਸ ਮੌਕੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਮੋਦੀ-ਹਕੂਮਤ ਨੇ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀ ਨੀਤੀ ਤੇ ਚਲਦਿਆਂ ਜਿੱਥੇ ਖੇਤੀ ਸੱਭਿਆਚਾਰ ਨੂੰ  ਉਜਾੜਨ ਲਈੂ ਤਿੰਨ ਖੇਤੀ ਬਿਲ ਲਿਆਂਦੇ ਹਨ, ਨਾਲ ਦੀ ਨਾਲ ਇਸ ਤੋਂ ਪਹਿਲਾਂ ਜਨਤਕ ਖੇਤਰ ਦੇ ਅਦਾਰਿਆਂ ਬੈਂਕਾਂ, ਬੀਮਾ, ਰੇਲਵੇ, ਜਹਾਜਰਾਨੀ, ਰੇਲਵੇ, ਕੋਇਲਾ ਖਾਣਾਂ, ਬਿਜਲੀ ਬੋਰਡ, ਸੜਕਾਂ, ਸਿਹਤ ਸਿੱਖਿਆ, ਟਰਾਂਸਪੋਰਟ ਆਦਿ ਨੂੰ  ਦੇਸੀ-ਬਦੇਸ਼ੀ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰ ਰਹੀ ਹੈ | ਇਹ ਅਦਾਰੇ ਲੋਕਾਂ ਦੀ ਕੀਮਤੀ ਜਾਇਦਾਦ ਅਤੇ ਲੱਖਾਂ ਮਜਦੂਰਾਂ ਵਲੋਂ ਸ਼ਹਾਦਤ ਦੇਕੇ ਉਸਾਰੇ ਗਏ ਹਨ | ਇਸੇ ਹੀ ਤਰ੍ਹਾਂ ਪਹਿਲਾਂ ਦੀ ਹਾਸ਼ੀਆ ਗ੍ਰਸਤ ਮਜਦੂਰਾਂ ਦੇ ਕਿਰਤ ਕਾਨੂੰਨਾਂ ਦਾ ਭੋਗ ਪਾਕੇ ਚਾਰ ਕੋਡਾਂ ਵਿਚ ਤਬਦੀਲ ਕਰ ਦਿਤਾ ਹੈ | ਇਸ ਨਾਲ ਕਿਰਤੀਆਂ ਦੀ ਹੋਰ ਵਧੇਰੇ ਰੱਤ ਨਿਚੋੜਨ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ | ਇਸ ਲਈ ਮੋਦੀ ਹਕੂਮਤ ਦੇ ਵੱਡੇ ਹੱਲੇ ਦਾ ਜਵਾਬ ਦੇਣ ਲਈ ਕਿਸਾਨ ਮਜ਼ਦੂਰਾਂ ਦੀਆਂ ਲਾਸਾਨੀ ਕੁਰਬਾਨੀਆਂ ਭਰਿਆ ਇਤਿਹਾਸ ਸਾਡਾ ਰਾਹ ਦਰਸਾਂਵਾ ਹੈ |