ਪੰਜਾਬ ਦੀਆਂ ਜੇਲਾਂ ਦੀ ਸੁਰੱਖਿਆ ਕਰੇਗੀ CRPF

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

Captain Amarinder Singh meets Amit Shah

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅਮਿਤ ਸ਼ਾਹ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਇਕ ਵਿਸਥਾਰਤ ਰਣਨੀਤੀ ਤਿਆਰ ਕਰ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਇਸ ਗੱਲ ਦਾ ਖੁਲਾਸਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਅਲਾਮਤ ’ਤੇ ਕਾਬੂ ਪਾਉਣ ਲਈ ਕੌਮੀ ਡਰੱਗ ਨੀਤੀ ਦੀ ਮੰਗ ਨੂੰ ਦੁਹਰਾਇਆ। ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਲਈ ਕੇਂਦਰ ਸਰਕਾਰ ਵੱਲੋਂ ਸਹਿਯੋਗ ਕਰਨ ਬਦਲੇ ਕੇਂਦਰੀ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਨਾਰਕੋਟਿਕ ਕੰਟਰੋਲ ਬਿਊਰੋ ਦੇ ਹੋਰ ਅਧਿਕਾਰੀ ਪੰਜਾਬ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ ਜਿਨਾਂ ਵਿੱਚ ਆਈ.ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਚੰਡੀਗੜ੍ਹ ਅਤੇ ਡੀ.ਆਈ.ਜੀ. ਪੱਧਰ ਦੇ ਇਕ ਅਧਿਕਾਰੀ ਨੂੰ ਅੰਮਿ੍ਰਤਸਰ ਵਿੱਚ ਪੱਕੇ ਤੌਰ 'ਤੇ ਤਾਇਨਾਤ ਕੀਤਾ ਜਾਵੇ। 

ਮੁੱਖ ਮੰਤਰੀ ਨੇ ਰਾਵੀ ਦਰਿਆ 'ਤੇ ਪੁਲ ਦੀ ਉਸਾਰੀ ਲਈ ਪਾਕਿਸਤਾਨ 'ਤੇ ਜ਼ੋਰ ਪਾਉਣ ਵਾਸਤੇ ਸ੍ਰੀ ਸ਼ਾਹ ਨੂੰ ਅਪੀਲ ਕੀਤੀ ਤਾਂ ਕਿ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਕਿਸੇ ਵੀ ਰੁੱਤ ਵਿਚ ਬਿਨਾਂ ਕਿਸੇ ਦਿੱਕਤ ਦੇ ਜਾਣ ਦੀ ਸਹੂਲਤ ਮੁਹੱਈਆ ਹੋ ਸਕੇ। ਦੋਵਾਂ ਮੁਲਕਾਂ ਵੱਲੋਂ ਆਪੋ-ਆਪਣੇ ਹਿੱਸੇ ਵਿੱਚ ਬਣਾਏ ਜਾ ਰਹੇ ਪੁਲਾਂ ਦਰਮਿਆਨ ਪਾਕਿਸਤਾਨ ਕਾਜ਼ਵੇਅ ਦਾ ਨਿਰਮਾਣ ਕਰਨ ਲਈ ਬਜ਼ਿੱਦ ਹੈ ਜਿਸ ਕਰਕੇ ਰਾਵੀ ਦਰਿਆ ’ਤੇ ਸੰਪਰਕ ਜੋੜਨ ਦਾ ਕੰਮ ਰੁਕਿਆ ਹੋਇਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਪ੍ਰਸਤਾਵਿਤ ਕਾਜ਼ਵੇਅ ਮੌਨਸੂਨ ਸੀਜ਼ਨ ਦੌਰਾਨ ਪਾਣੀ ਵਿਚ ਰੁੜ ਜਾਵੇਗਾ ਜਿਸ ਨਾਲ ਇਸ ਇਤਿਹਾਸਕ ਲਾਂਘੇ ਰਾਹੀਂ ਗੁਜ਼ਰਦੇ ਰਸਤੇ ਵਿੱਚ ਰੁਕਾਵਟਾਂ ਪੈਦਾ ਹੋਣਗੀਆਂ। 

ਪੰਜਾਬ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਕਰਨ ਲਈ ਭਾਰਤੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀਆਂ ਜੇਲਾਂ 'ਚ ਸੀ.ਆਰ.ਪੀ.ਐਫ. ਦਸਤੇ ਤਾਇਨਾਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਦੀਆਂ ਜੇਲਾਂ 'ਚ ਸੀ.ਆਰ.ਪੀ.ਐਫ. ਦਸਤੇ ਤਾਇਨਾਤ ਕੀਤੇ ਜਾਣਗੇ ਤੇ ਪੰਜਾਬ ਸਰਕਾਰ ਨੂੰ ਇਸ ਡੈਪੂਟੇਸ਼ਨ ਦਾ ਸਾਰਾ ਖਰਚ ਚੁੱਕਣਾ ਹੋਏਗਾ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਪੁਲੀਸ ਦੇ ਆਧੁਨਿਕੀਕਰਨ ’ਤੇ ਜ਼ੋਰ ਦਿੰਦਿਆਂ ਗ੍ਰਹਿ ਮੰਤਰੀ ਨੂੰ ਐਮ.ਪੀ.ਐਫ. ਸਕੀਮ ਤਹਿਤ ਫੰਡ ਮੁਹੱਈਆ ਕਰਾਉਣ ਦੀ ਅਪੀਲ ਕੀਤੀ। ਉਨਾਂ ਨੇ ਸੁਝਾਅ ਦਿੱਤਾ ਕਿ ਜੰਮੂ ਕਸ਼ਮੀਰ ਅਤੇ ਅੱਠ ਉੱਤਰ-ਪੂਰਬੀ ਸੂਬਿਆਂ ਦੀ ਤਰਜ਼ 'ਤੇ ਪੰਜਾਬ ਨੂੰ ਕੈਟਾਗਰੀ-ਏ ਸੂਬਾ ਮੰਨਦਿਆਂ ਕੇਂਦਰ-ਰਾਜ ਦੀ 90:10 ਹਿੱਸੇਦਾਰੀ ਦੇ ਆਧਾਰ ’ਤੇ ਵਿੱਤੀ ਸਹਾਇਆ ਮੁਹੱਈਆ ਕਰਵਾਈ ਜਾ ਸਕਦੀ ਹੈ। 

ਮੁੱਖ ਮੰਤਰੀ ਨੇ ਪਠਾਨਕੋਟ ਵਿਖੇ ਐਨ.ਐਸ.ਜੀ. ਦੀ ਹੱਬ ਸਥਾਪਤ ਕਰਨ ਦੀ ਮੰਗ ਕਰਦਿਆਂ ਸੂਬੇ ਦੇ 12 ਜ਼ਿਲਿਆਂ ਲਈ ਕੇਂਦਰੀ ਹਥਿਆਰਬੰਦ ਪੁਲੀਸ ਸੇਨਾਵਾਂ ਤੋਂ ਐਸ.ਪੀ. ਓਪਰੇਸ਼ਨਜ਼ ਲਈ ਉਪਬੰਧ ਦੀ ਵੀ ਮੰਗ ਚੁੱਕੀ। ਉਨਾਂ ਕਿਹਾ ਕਿ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਮਲੇ ਅਤੇ ਘੁਸਪੈਠ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਕੌਮੀ ਸੁਰੱਖਿਆ ਦੇ ਲਿਹਾਜ਼ ਤੋਂ ਇਸ ਨੂੰ ਸੰਵੇਦਨਸ਼ੀਲ ਸੂਬੇ ਵਜੋਂ ਵਿਚਾਰਿਆ ਜਾਣਾ ਚਾਹੀਦਾ ਹੈ।