Vigilance News: 8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸੀ ਸਬ ਇੰਸਪੈਕਟਰ ਰਵੀਪਾਲ

Vigilance News: Sub-Inspector caught by Vigilance Bureau while taking bribe of Rs. 8,000

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਰਵੀਪਾਲ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰ ਸਹਾਏ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਐਸ.ਆਈ. ਨੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾ ਜਵਾਬ ਤਿਆਰ ਕਰਨ ਤੇ ਜਮ੍ਹਾਂ ਕਰਾਉਣ ਅਤੇ ਸ਼ਿਕਾਇਤਕਰਤਾ ਵਿਰੁੱਧ ਦਰਜ ਪੁਲਿਸ ਕੇਸ ਨਾਲ ਸਬੰਧਤ ਚਾਰਜਸ਼ੀਟ ਜ਼ਿਲ੍ਹਾ ਅਦਾਲਤ ਵਿੱਚ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।