ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤੀ 6200 ਕਰੋੜ ਰੁਪਏ ਦੀ ਮਦਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਰਿਆਵਾਂ 'ਚ ਪਾੜ ਪੂਰਨ ਨੂੰ ਲਗਭਗ ਦੋ ਕੁ ਹਫ਼ਤੇ ਦਾ ਸਮਾਂ ਲੱਗ ਸਕਦੈ

Central Government will provide Rs. 6200 crore to Punjab govt

ਚੰਡੀਗੜ੍ਹ : ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਇਲਾਕੇ ਹੜ੍ਹ੍ਹ੍ਹ੍ਹ ਨਾਲ ਪ੍ਰਭਾਵਿਤ ਹਨ। ਵੱਖ-ਵੱਖ ਸੰਸਥਾਵਾਂ ਜਿੱਥੇ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਦੀ ਇਸ ਮੰਗ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ।

ਸੂਤਰਾਂ ਮੁਤਾਬਕ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੂਬਾ ਸਰਕਾਰ ਕੋਲ ਪਏ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੇਂਦਰ ਸਰਕਾਰ ਦੀ ਇਸ ਮਦਦ ਨਾਲ ਪੰਜਾਬ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿਚ ਮਦਦ ਮਿਲੇਗੀ। ਦਰਅਸਲ ਪੰਜਾਬ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਆਏ ਹਨ, ਜਿਨ੍ਹਾਂ ਦੇ ਛੇਤੀ ਰਾਹਤ ਮਿਲਣ ਦੀ ਆਸ ਨਹੀਂ ਹੈ। ਸਤਲੁਜ ਦਰਿਆ ਵਿਚ ਵੀ ਕਈ ਥਾਈਂ ਪਾੜ ਪਿਆ ਹੋਇਆ ਹੈ, ਜਿਸ ਤੋਂ ਪਾਣੀ ਲਗਾਤਾਰ ਲਾਗਲੇ ਪਿੰਡਾਂ ਵਿਚ ਦਾਖ਼ਲ ਹੋ ਰਿਹਾ ਹੈ। ਪੰਜਾਬ ਸਰਕਾਰ, ਫ਼ੌਜ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ ਪਰ ਬਾਵਜੂਦ ਇਸ ਦੇ ਦਰਿਆਵਾਂ 'ਚ ਪਾੜ ਪੂਰਨ ਨੂੰ ਲਗਭਗ ਦੋ ਕੁ ਹਫ਼ਤੇ ਦਾ ਸਮਾਂ ਲੱਗ ਸਕਦਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਦਿੱਲੀ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਤੇ ਵਿਚਾਰ ਕਰਨ ਲਈ ਇਕ ਉੱਚ ਪਧਰੀ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਪੰਜਾਬ ਨੂੰ ਛੱਡ ਕੇ ਹੜ੍ਹ ਪ੍ਰਭਾਵਿਤ ਰਾਜਾਂ ਵਿਚ ਟੀਮਾਂ ਭੇਜਣ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਨਾਲ ਕੀਤੇ ਗਏ ਇਸ ਵਿਤਕਰੇ ਕਰ ਕੇ ਮੋਦੀ ਸਰਕਾਰ ਦੇ ਚਾਰੇ ਪਾਸਿਉਂ ਨਿਖੇਥੀ ਕੀਤੀ ਜਾ ਰਹੀ ਸੀ।

ਜਿਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਚ ਟੀਮ ਭੇਜਣ ਦਾ ਐਲਾਨ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸੂਬਾ ਸਰਕਾਰ ਕੋਲ ਕੁਦਰਤੀ ਆਫ਼ਤਾਂ ਤੋਂ ਰਾਹਤ ਲਈ ਪੈਸਾ ਪਿਆ ਹੋਇਆ ਹੈ, ਜਿਸ ਨੂੰ ਉਹ ਵਰਤ ਸਕਦੇ ਹਨ ਅਤੇ ਲੋੜ ਪੈਣ 'ਤੇ ਹੋਰ ਪੈਸਾ ਵੀ ਦੇ ਦਿੱਤਾ ਜਾਵੇਗਾ।