ਕਿਸਾਨਾਂ ਨੇ ਧਰਨੇ 'ਚ ਸ਼ਾਮਲ ਹੋਣ ਆਏ ਹਰਨਾਮ ਸਿੰਘ ਧੁੰਮਾ ਨੂੰ ਖਦੇੜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਾਦਲਾਂ ਦਾ ਸਾਥੀ ਦੱਸ ਕੀਤੀ ਗਈ ਜਮ ਕੇ ਨਾਅਰੇਬਾਜ਼ੀ

Harnam Singh Dhumma

ਜੰਡਿਆਲਾ ਗੁਰੂ: ਜੰਡਿਆਲਾ ਗੁਰੂ ਰੇਲਵੇ ਟਰੈਕ 'ਤੇ ਲੱਗੇ ਕਿਸਾਨਾਂ ਦੇ ਧਰਨੇ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੂੰਮਾ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਲਈ ਪੁੱਜੇ

ਕਿਉਂਕਿ ਉਨ੍ਹਾਂ ਦੇ ਪਹੁੰਚਦਿਆਂ ਹੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਬਾਦਲਾਂ ਅਤੇ ਗਿਆਨੀ ਹਰਨਾਮ ਸਿੰਘ ਧੁੰਮਾ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗਿਆਨੀ ਹਰਨਾਮ ਸਿੰਘ ਧੁੰਮਾ ਨੂੰ ਉਥੋਂ ਜਾਣ ਲਈ ਮਜ਼ਬੂਰ ਹੋਣਾ ਪਿਆ।

ਇਹ ਧਰਨਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਦੇ ਰੇਲਵੇ ਟ੍ਰੈਕ 'ਤੇ ਲਗਾਇਆ ਗਿਆ ਸੀ, ਜਿੱਥੇ ਬੀਤੇ ਕੱਲ੍ਹ ਤੋਂ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਬੈਠੇ ਹੋਏ ਸਨ।

ਦਰਅਸਲ ਜਥੇਬੰਦੀ ਨੇ ਇਹ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਜੇਕਰ ਕੋਈ ਵੀ ਸਿਆਸੀ ਆਗੂ ਜਾਂ ਉਨ੍ਹਾਂ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਧਾਰਮਿਕ ਆਗੂ  ਨੂੰ ਇਸ ਧਰਨੇ ਵਿਚ ਨਹੀਂ ਆਉਣ ਦਿੱਤਾ ਜਾਵੇਗਾ ਪਰ ਜਿਵੇਂ ਹੀ ਗਿਆਨੀ ਹਰਨਾਮ ਸਿੰਘ ਧੁੰਮਾ ਅਪਣੇ ਸਾਥੀਆਂ ਸਮੇਤ ਧਰਨੇ ਵਿਚ ਪੁੱਜੇ ਤਾਂ ਕਿਸਾਨਾਂ ਨੇ ਨਾਅਰੇਬਾਜ਼ੀ ਕਰਕੇ ਗਿਆਨੀ ਧੁੰਮਾ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਉਥੋਂ ਭਜਾ ਦਿੱਤਾ।

ਇਸ ਮਗਰੋਂ ਕੁੱਝ ਦੂਰੀ 'ਤੇ ਜਾ ਕੇ ਗਿਆਨੀ ਹਰਨਾਮ ਸਿੰਘ ਧੁੰਮਾ ਅਪਣੇ ਸਾਥੀਆਂ ਸਮੇਤ ਰੇਲਵੇ ਟ੍ਰੈਕ 'ਤੇ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਬੋਲਦਿਆਂ ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਹਰ ਸਮੇਂ ਕਿਸਾਨਾਂ ਦੇ ਸਮਰਥਨ ਵਿਚ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਨਾਲ ਵੱਡਾ ਧੱਕਾ ਹੋ ਰਿਹਾ ਹੈ ਜਿਸ ਕਰਕੇ ਸਾਰਿਆਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ। ਦੱਸ ਦਈਏ ਕਿ ਗਿਆਨੀ ਹਰਨਾਮ ਸਿੰਘ ਧੁੰਮਾ ਨੂੰ ਬਾਦਲਾਂ ਦਾ ਕਰੀਬੀ ਮੰਨਿਆ ਜਾਂਦਾ, ਇਸ ਕਰਕੇ ਹੀ ਕਿਸਾਨਾਂ ਦੇ ਧਰਨੇ ਵਿਚ ਉਨ੍ਹਾਂ ਦਾ ਵਿਰੋਧ ਕੀਤਾ ਗਿਆ।