ਅਖ਼ੀਰ ਐਨ.ਡੀ.ਏ.'ਚੋਂ ਬਾਹਰ ਹੋਇਆ ਅਕਾਲੀ ਦਲ

ਏਜੰਸੀ

ਖ਼ਬਰਾਂ, ਪੰਜਾਬ

ਅਖ਼ੀਰ ਐਨ.ਡੀ.ਏ.'ਚੋਂ ਬਾਹਰ ਹੋਇਆ ਅਕਾਲੀ ਦਲ

image

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਕੀਤਾ ਐਲਾਨ

ਚੰਡੀਗੜ੍ਹ, 26 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਅਕਾਲੀ ਦਲ ਨੇ ਅਖ਼ੀਰ ਭਾਜਪਾ ਨਾਲੋਂ ਯਾਰੀ ਤੋੜਦਿਆਂ ਐਨ.ਡੀ.ਏ. 'ਚੋਂ ਬਾਹਰ ਹੋਣ ਦਾ ਐਲਾਨ ਕਰ ਦਿਤਾ। ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕਰ ਦਿਤਾ। ਖੇਤੀ ਬਿਲਾਂ ਨੂੰ ਰੱਦ ਕਰਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਕਾਰ ਪਾੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਸੀ। ਖੇਤੀ ਬਿਲਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿਸ ਤਰ੍ਹਾਂ ਲੋਕ ਸਭਾ ਵਿਚ ਖੇਤੀ ਬਿਲਾਂ ਦਾ ਵਿਰੋਧ ਕੀਤਾ ਸੀ ਅਤੇ ਫਿਰ ਕੇਂਦਰ ਦੀ ਵਜ਼ਾਰਤ ਵਿਚ ਸ਼ਾਮਲ ਵਜ਼ੀਰ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇ ਦਿਤਾ ਸੀ।
ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਕੌੜਾ ਘੁੱਟ ਭਰਦਿਆਂ ਭਾਜਪਾ ਨਾਲੋਂ ਵੱਖ ਹੋ ਕੇ ਚੱਲਣ ਦਾ ਫ਼ੈਸਲਾ ਲੈਂਦਿਆਂ ਐਨ.ਡੀ.ਏ. 'ਚੋਂ ਬਾਹਰ ਹੋਣ ਦਾ ਐਲਾਨ ਕਰ ਦਿਤਾ। ਜ਼ਿਕਰਯੋਗ ਹੈ ਕਿ ਕੇਂਦਰ ਵਲੋਂ ਪਾਸ ਕੀਤੇ ਖੇਤੀਬਾੜੀ ਬਿਲਾਂ ਕਾਰਨ ਅਕਾਲੀ ਦਲ ਦੀ ਪੰਜਾਬ ਵਿਚ ਕਾਫ਼ੀ ਫ਼ਜ਼ੀਹਤ ਹੋ ਰਹੀ ਸੀ। ਜਿਸ ਤੋਂ ਬਾਅਦ ਉਸ ਨੂੰ ਜਾਪਣ ਲੱਗ ਪਿਆ ਸੀ ਕਿ ਉਸ ਦਾ ਪਿੰਡਾਂ ਵਿਚੋਂ ਵੀ ਆਧਾਰ ਖ਼ਤਮ ਹੋ ਰਿਹਾ ਹੈ, ਜਿਸ ਨੂੰ ਵੇਖਦਿਆਂ ਪਹਿਲਾਂ ਸੁਖਬੀਰ ਬਾਦਲ ਨੇ ਅਪਣੀ ਪਤਨੀ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਕਰਵਾਇਆ ਤੇ ਫਿਰ ਧਰਨੇ ਪ੍ਰਦਰਸ਼ਨ ਕਰ ਕੇ ਖੁਲ੍ਹ ਕੇ ਕਿਸਾਨਾਂ ਦੇ ਹੱਕ 'ਚ ਖੜੇ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਫਿਰ ਵੀ ਕਿਸਾਨ ਜਥੇਬੰਦੀਆਂ ਅਤੇ ਦੂਜੀਆਂ ਸਿਆਸੀ ਪਾਰਟੀਆਂ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੀਆਂ ਸਨ ਤਾਂ ਅਕਾਲੀ ਦਲ ਨੂੰ ਲੱਗਾ ਕਿ ਹੁਣ ਐਨ.ਡੀ.ਏ. 'ਚੋਂ ਬਾਹਰ ਹੋਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਿਹਾ। ਇਸ ਤਰ੍ਹਾਂ ਦੇਰ ਸ਼ਾਮ ਅਕਾਲੀ ਦਲ ਐਨ.ਡੀ.ਏ. ਛੱਡਣ ਦਾ ਐਲਾਨ ਕਰ ਦਿਤਾ।