ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, 82000 ਨੌਕਰੀਆਂ ਦੇਣ ਜਾ ਰਹੀ ਹੈ ਕੈਪਟਨ ਸਰਕਾਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ 12 ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੋਜ਼ਗਾਰ...
ਚੰਡੀਗੜ੍ਹ (ਪੀਟੀਆਈ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ 12 ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਤਿਆਰੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਮੇਲਿਆਂ ਵਿਚ ਨੌਜਵਾਨਾਂ ਲਈ ਨਿਜੀ ਖੇਤਰ ਵਿਚ 82000 ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਨੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ ਇਸ ਉਦੇਸ਼ ਲਈ 24 ਘੰਟੇ ਹੈਲਪਲਾਈਨ ਸ਼ੁਰੂ ਕਰਨ ਦੀ ਵਿਵਸਥਾ ਕਰਨ ਨੂੰ ਵੀ ਕਿਹਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਦੇਸ਼ਾਂ ਵਿਚ ਰੋਜ਼ਗਾਰ ਸੇਲ ਸਥਾਪਿਤ ਕਰਨ ਦੇ ਨਾਲ-ਨਾਲ ਮੁਕਾਬਲੇ ਵਾਲੀਆਂ ਵੱਖਰੀਆਂ ਸਰਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਸ਼ੁਰੂ ਕਰਨ ਤੋਂ ਇਲਾਵਾ ਨੌਜਵਾਨਾਂ ਨੂੰ ਕੌਸ਼ਲ ਦੇਣ ਵਾਲੀਆਂ ਰੋਜ਼ਗਾਰ ਏਜੰਸੀਆਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਸੰਭਾਵਨਾ ਦੀ ਭਾਲ ਕਰਨ ਦੇ ਵੀ ਹੁਕਮ ਜਾਰੀ ਕੀਤੇ।
ਮੁੱਖ ਮੰਤਰੀ ਨੇ 4.13 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਨਵਾਂ ਕੰਮ-ਕਾਜ ਸ਼ੁਰੂ ਕਰਨ ਲਈ ਕਰਜਾ ਦਿਵਾਉਣ ਵਿਚ ਸਹਿਯੋਗ ਕਰਨ ‘ਤੇ ਰੋਜ਼ਗਾਰ ਸਿਰਜਣ ਅਤੇ ਸਿਖਲਾਈ ਵਿਭਾਗ ਨੂੰ ਸ਼ਾਬਾਸ਼ੀ ਦਿਤੀ। ਵਿਭਾਗ ਦੇ ਕਮਿਸ਼ਨਰ ਰਾਹੁਲ ਤਿਵਾਰੀ ਨੇ ਦੱਸਿਆ ਕਿ ਇਹ ਬਿਊਰੋ ਜ਼ਿਲ੍ਹਾ ਰੋਜ਼ਗਾਰ ਅਫ਼ਸਰਾਂ ਅਤੇ ਸਮਰਪਿਤ ਕਾਉਂਸਲਰਾਂ ਦੁਆਰਾ ਚਲਾਏ ਜਾ ਰਹੇ ਹਨ।