ਸੰਗਤਾਂ ਬੰਦੀ ਛੋੜ ਦਿਵਸ ਨੂੰ ਸ਼ਰਧਾ ਪੂਰਵਕ ਮਨਾਉਣ : ਬਾਬਾ ਬਲਬੀਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ

Baba Balbir Singh

ਅੰਮ੍ਰਿਤਸਰ  (ਪਰਮਿੰਦਰ ਅਰੋੜਾ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦਿਹਾੜੇ ਨੂੰ ਸ਼ਰਧਾ ਪੂਰਵਕ ਅਤੇ ਸੁਚੇਤਤਾ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ 52 ਰਿਆਸਤਾਂ ਦੇ ਰਾਜਿਆਂ ਨੂੰ ਰਿਹਾਅ ਕਰਵਾਉਣ ਵਜੋਂ ਕਈ ਸਦੀਆਂ ਤੋਂ “ਬੰਦੀ ਛੋੜ” ਦਿਹਾੜਾ ਮਨਾਇਆ ਜਾਂਦਾ ਹੈ।

ਸਿੱਖ ਕੌਮ ਨੂੰ ਮਾਣ ਹੈ ਕਿ ਅਪਣੀ ਨਿਰਮਲ ਵਿਚਾਰ-ਧਾਰਾ ਕਰ ਕੇ ਵਿਲੱਖਣ ਹੋਂਦ-ਹਸਤੀ ਤੇ ਵਖਰੀ ਪਹਿਚਾਣ ਸਥਾਪਤ ਕੀਤੀ ਹੈ। ਜਾਗ੍ਰਿਤ ਅਤੇ ਗ਼ੈਰਤਮੰਦ ਕੌਮਾਂ ਹਰ ਯੁੱਗ ਵਿਚ ਅੰਦਰੂਨੀ ਅਤੇ ਬਾਹਰੀ ਸਮੱਸਿਆਵਾਂ ਨਾਲ ਜੂਝਦੀਆਂ ਹਨ। ਸਰਬੱਤ ਦਾ ਭਲਾ ਅਤੇ ਚੜ੍ਹਦੀ ਕਲਾ ਸਿੱਖ ਕੌਮ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਹੈ।
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅੱਜ ਦਾ ਸਮਾਂ ਮੰਗ ਕਰਦਾ ਹੈ

ਕਿ ਖ਼ਾਲਸਾ ਪੰਥ ਸਿੱਖ ਗੁਰੂ ਸਾਹਿਬਾਨ ਦੇ ਇਲਾਹੀ ਉਪਦੇਸ਼ਾਂ ਨਾਲ ਸਮਾਜ ਅੰਦਰ ਫੈਲੇ ਹੋਏ ਅੰਧਕਾਰ ਦੇ ਖ਼ਾਤਮੇ ਲਈ ਕਮਰਕੱਸੇ ਕਰੇ। ਉਨ੍ਹਾਂ ਕਿਹਾ ਕਿ ਬਾਣੀ ਤੇ ਬਾਣੇ ਨਾਲ ਜੁੜ ਕੇ ਅਪਣਾ ਜੀਵਨ ਸੰਵਾਰਨਾ ਚਾਹੀਦਾ ਹੈ। ਉਨ੍ਹਾਂ ਅੰਤ ਸਮੂਹ ਸਿੱਖ ਸੰਗਤਾਂ ਅਤੇ ਗੁਰੂ ਘਰ ਪ੍ਰਤੀ ਸ਼ਰਧਾ ਪਿਆਰ ਤੇ ਸਤਿਕਾਰ ਰੱਖਣ ਵਾਲੀ ਲੋਕਾਈ ਨੂੰ ਬੰਦੀ ਛੋੜ ਦਿਵਸ ਦੀ ਹਾਰਦਿਕ ਵਧਾਈ ਦਿਤੀ।