ਡੋਪ ਟੈਸਟ ਸਰਟੀਫਿਕੇਟ ਲਈ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ’ਚ ਤਾਇਨਾਤ ਸਕਿਉਰਿਟੀ ਗਾਰਡ ਜਤਿੰਦਰ ਸਿੰਘ ਕਾਬੂ

Vigilance Bureau arrests security guard for taking bribe of Rs 15,000 for dope test certificate

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਦੇ ਤਹਿਤ ਮੁਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਏ ਖੁਲਾਸੇ ਦੇ ਆਧਾਰ 'ਤੇ ਅਪਰਾਧ ਵਿੱਚ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਅਤੇ ਕਾਰਜ-ਪ੍ਰਣਾਲੀ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।