ਐਸਸੀ ਵਜੀਫ਼ਾ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਕਾਂਗਰਸੀ ਸਾਂਸਦਾਂ ਵਲੋਂ ਸੰਸਦ ਅੱਗੇ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਂਸਦ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸ ਸਾਂਸਦਾਂ ਨੇ ਸੰਸਦ ਭਵਨ...

Protest for SC Scholarship

ਚੰਡੀਗੜ੍ਹ (ਸਸਸ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਂਸਦ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸ ਸਾਂਸਦਾਂ ਨੇ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸ ਨੇਤਾ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਸਬੰਧਤ ਐਸਸੀ ਵਿਦਿਆਰਥੀਆਂ ਦੇ ਵਜੀਫ਼ੇ ਦੀ ਰੋਕੀ 1287 ਕਰੋੜ ਰੁਪਏ ਦੀ ਰਕਮ ਤੁਰਤ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਉਤੇ ਉਨ੍ਹਾਂ ਦੇ ਨਾਲ ਸਾਂਸਦ ਸੰਤੋਖ ਚੌਧਰੀ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ।

ਜਾਖੜ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਮਨਮੋਹਨ ਸਿੰਘ ਸਰਕਾਰ ਨੇ 2010 ਵਿਚ ਐਸਸੀ ਵਿਦਿਆਰਥੀਆਂ ਨੂੰ ਦਸਵੀਂ ਜਮਾਤ ਤੋਂ ਅੱਗੇ ਦੀ ਪੜ੍ਹਾਈ ਲਈ ਵਜੀਫ਼ਾ ਦੇਣ ਦੀ ਸਕੀਮ ਨੂੰ ਮਜ਼ਬੂਤੀ  ਦੇ ਨਾਲ ਲਾਗੂ ਕੀਤਾ ਸੀ। ਅਜਿਹੇ ਬੱਚਿਆਂ ਨੂੰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਗਿਆ ਸੀ ਜਿਨ੍ਹਾਂ ਦੇ ਪਰਵਾਰ ਦੀ ਆਮਦਨੀ ਦੋ ਲੱਖ ਰੁਪਏ ਤੋਂ ਘੱਟ ਸੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮੰਨਣਾ ਹੈ ਕਿ ਸਿੱਖਿਆ ਦੇ ਪ੍ਰਸਾਰ ਦੇ ਨਾਲ ਹੀ ਐਸਸੀ ਵਰਗ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਸੰਭਵ ਹੈ

ਪਰ ਪਹਿਲਾਂ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ ਦਾ ਮੁਨਾਫ਼ਾ ਲਾਇਕ ਬੱਚਿਆਂ ਤੱਕ ਨਾ ਪਹੁੰਚਣ  ਦਿਤਾ ਅਤੇ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਅਪਣੇ ਅਨਸੂਚਿਤ ਜਾਤੀਆਂ ਦੇ ਵਿਰੋਧੀ ਏਜੰਡੇ ਦੇ ਤਹਿਤ ਸੂਬੇ ਦੇ ਵਿਦਿਆਰਥੀਆਂ ਦੀ 1287 ਰੁਪਏ ਦੀ ਵਜੀਫ਼ਾ ਦੀ ਰਾਸ਼ੀ ਰੋਕੀ ਹੋਈ ਹੈ। ਜਾਖੜ ਨੇ ਕਿਹਾ ਕਿ ਦੇਸ਼ ਦਾ ਕਿਸਾਨ ਹੀ ਨਹੀਂ, ਸਗੋਂ ਅਨਸੂਚਿਤ ਜਾਤੀਆਂ ਦਾ ਵੀ ਮੋਦੀ ਸਰਕਾਰ ਦੁਆਰਾ ਦਮਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਕ ਸਾਜਿਸ਼ ਦੇ ਤਹਿਤ ਐਸਸੀ ਐਸਟੀ ਐਕਟ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਐਸਸੀ ਬੱਚਿਆਂ ਦੀ ਸਿੱਖਿਆ ਵਿਚ ਰੁਕਾਵਟਾਂ ਪੈਦਾ ਕਰਕੇ ਇਹ ਸਰਕਾਰ ਇਸ ਭਾਈਚਾਰੇ ਦੇ ਵਿਕਾਸ ਵਿਚ ਰੁਕਾਵਟ ਬਣੀ ਹੋਈ ਹੈ। ਜਾਖੜ ਨੇ ਕਿਹਾ ਕਿ 2014 ਵਿਚ ਜਦੋਂ ਤੋਂ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਬਣੀ ਹੈ ਇਸ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪ੍ਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਅਜਿਹਾ ਅਪਣੇ ਗੁਪਤ ਏਜੰਡੇ ਦੀ ਪ੍ਰਾਪਤੀ ਲਈ ਜਾਣਬੁੱਝ ਕੇ ਕਰ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਜਾਖੜ ਨੇ ਕਿਹਾ ਕਿ ਦੇਸ਼ ਭਰ ਵਿਚ ਕਿਸਾਨ, ਅਨਸੂਚਿਤ ਜਾਤੀ ਵਰਗ ਸਮੇਤ ਸਮਾਜ ਦੇ ਹਰ ਵਰਗ ਵਿਚ ਮੋਦੀ ਸਰਕਾਰ ਦੇ ਖਿਲਾਫ਼ ਗੁੱਸਾ ਵੱਧ ਰਿਹਾ ਹੈ ਅਤੇ ਹੁਣੇ 5 ਰਾਜਾਂ ਵਿਚ ਹੋਈਆਂ ਚੋਣਾਂ ਦੇ ਨਤੀਜੇ ਇਸ ਦਾ ਸਬੂਤ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕ ਅਗਲੀਆਂ ਆਮ ਚੋਣਾਂ ਦੀ ਉਡੀਕ ਕਰ ਰਹੇ ਹਨ, ਤਾਂਕਿ ਮੋਦੀ ਸਰਕਾਰ ਨੂੰ ਦੇਸ਼ ਤੋਂ ਚੱਲਦਾ ਕੀਤਾ ਜਾ ਸਕੇ।

Related Stories