ਕਿਹਾ, ਸੰਯੁਕਤ ਕਿਸਾਨ ਮੋਰਚਾ ਕੋਈ ਚੋਣ ਨਹੀਂ
ਜੈਪੁਰ, 26 ਦਸੰਬਰ : ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਅਜੇ ਖ਼ਤਮ ਨਹੀਂ ਹੋਇਆ। ਜੇਕਰ ਤੈਅ ਸਮੇਂ ’ਤੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ ਤਾਂ ਅੰਦੋਲਨ ਫਿਰ ਸ਼ੁਰੂ ਹੋ ਸਕਦਾ ਹੈ।
ਟਿਕੈਤ ਨੇ ਇਥੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਿਰਫ਼ ਤਿੰਨ ਖੇਤੀ ਕਾਨੂੰਨ ਹੀ ਰੱਦ ਕਰ ਕੇ ਉਨ੍ਹਾਂ ਨੂੰ ਵਾਪਸ ਲਿਆ ਹੈ ਪਰ ਕਿਸਾਨ ਜਥੇਬੰਦੀਆਂ ਦੀਆਂ ਹੋਰ ਮੰਗਾਂ ਅਜੇ ਨਹੀਂ ਮੰਨੀਆਂ ਗਈਆਂ। ਘੱਟੋ-ਘੱਟ ਸਮੱਰਥਨ ਮੁੱਲ (ਐਮ.ਐਸ.ਪੀ.) ਉਤੇ ਹਾਲੇ ਕਾਨੂੰਨ ਨਹੀਂ ਬਣਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਬਣਾਉਣ ਲਈ ਕਮੇਟੀ ਦਾ ਗਠਨ ਕਰਨ ਦੀ ਕਵਾਇਦ ਚਲ ਰਹੀ ਹੈ ਪਰ ਸਰਕਾਰ ਦੀ ਚਾਲ ਬਹੁਤ ਹੌਲੀ ਹੈ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਸਿਆਸੀ ਮੋਰਚਾ ਬਣਾਉਣ ਵਾਲੇ ਕਿਸਾਨ ਸੰਗਠਨਾਂ ਤੋਂ ਦੂਰੀ ਬਣਾਉਂਦੇ ਹੋਏ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੋਈ ਚੋਣਾਂ ਨਹੀਂ ਲੜ ਰਿਹਾ। ਹਾਲਾਂਕਿ ਉਨ੍ਹਾਂ ਕਿਹਾ ਕਿ ਕਿਸਾਨ ‘ਕਿੰਗ ਮੇਕਰ’ ਦੀ ਭੂਮਿਕਾ ਵਿਚ ਰਹਿਣਗੇ। ਟਿਕੈਤ ਨੇ ਕਿਹਾ ਕਿ ਉਹ ਸਿਆਸਤ ਵਿਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਉਤੇ ਕੋਈ ਕਾਰਵਾਈ ਨਹੀਂ ਹੋਈ ਤੇ ਸਾਡੀ ਮੰਗ ਨੂੰ ਅਣਸੁਣਿਆ ਕੀਤਾ ਜਾ ਰਿਹਾ ਹੈ। ਟਿਕੈਤ ਨੇ ਕਿਹਾ ਕਿ ਜੇਕਰ ਅਜਿਹਾ ਹੀ ਰਿਹਾ ਤਾਂ ਕਿਸਾਨ ਅੰਦੋਲਨ ਕਿਸੇ ਵੀ ਸਮੇਂ ਫਿਰ ਸ਼ੁਰੂ ਕਰ ਦਿਤਾ ਜਾਵੇਗਾ। ਉਨ੍ਹਾਂ ਨੇ ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ’ਤੇ ਵੀ ਫ਼ਿਕਰਾ ਕਸਦੇ ਹੋਏ ਕਿਹਾ ਕਿ ਓਵੈਸੀ ਭਾਜਪਾ ਤੋਂ ਵੀ ਜ਼ਿਆਦਾ ਖ਼ਤਰਨਾਕ ਹਨ। ਲੋਕਾਂ ਨੂੰ ਉਨ੍ਹਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
ਉਤਰ ਪ੍ਰਦੇਸ਼ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਟਿਕੈਤ ਨੇ ਦਾਅਵਾ ਕੀਤਾ ਹੈ ਕਿ ਯੂ.ਪੀ. ਦਾ ਕਿਸਾਨ ਉਸ ਨੂੰ ਹੀ ਵੋਟ ਪਾਵੇਗਾ, ਜੋ ਉਸ ਨੂੰ ਫ਼ਾਇਦਾ ਦੇਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਨੇ ਉਤਰ ਪ੍ਰਦੇਸ਼ ਚੋਣਾਂ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਕੀਤਾ। ਚੋਣ ਜ਼ਾਬਤਾ ਲੱਗਣ ਮਗਰੋਂ ਸਮਰਥਨ ’ਤੇ ਫ਼ੈਸਲਾ ਲਿਆ ਜਾਵੇਗਾ। (ਪੀਟੀਆਈ)