ਪੰਜਾਬ ਕਾਂਗਰਸ ਨੇ ‘ਭਾਰਤ ਜੋੜੋ ਯਾਤਰਾ’ ਦੀਆਂ ਤਿਆਰੀਆਂ ਨੂੰ ਦਿੱਤਾ ਅੰਤਿਮ ਰੂਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕੀਤੀ।

Punjab Congress finalizes Bharat Jodo Yatra arrangements

 

ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਜਿਸ ਦੀਆਂ ਸਹੀ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਸ ਸਬੰਧੀ ਅੱਜ ਇੱਥੇ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕੀਤੀ।  ਮੀਟਿੰਗ ਵਿੱਚ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਹਰੀਸ਼ ਚੌਧਰੀ ਵੀ ਹਾਜ਼ਰ ਸਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਜ਼ਿਆਦਾਤਰ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਹਾਜ਼ਰ ਸਨ।

ਕਾਂਗਰਸੀ ਆਗੂਆਂ ਨੇ ਵੇਣੂਗੋਪਾਲ ਨੂੰ ਦੱਸਿਆ ਕਿ ਜ਼ਮੀਨੀ ਪੱਧਰ 'ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੂਬੇ ਭਰ ਦੇ ਲੋਕ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ। ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਆਗੂਆਂ ਨੂੰ ਸੂਬੇ ਵਿੱਚ ਯਾਤਰਾ ਦੀਆਂ ਤਿਆਰੀਆਂ ਬਾਰੇ ਦੱਸਿਆ।  ਉਨ੍ਹਾਂ ਕਿਹਾ ਕਿ ਯਾਤਰਾ ਦਾ ਸਵਾਗਤ ਕਰਨ ਅਤੇ ਸ਼ਮੂਲੀਅਤ ਕਰਨ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਪੰਜਾਬ ਦੇ ਆਗੂਆਂ ਨੇ ਪਾਰਟੀ ਜਨਰਲ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਇਸ ਯਾਤਰਾ ਵਿਚ ਲੋਕਾਂ ਦੀ ਰਿਕਾਰਡ ਪੱਧਰ 'ਤੇ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਹੈ ਅਤੇ ਇਹ ਪੰਜਾਬ ਵਿੱਚ ਲਗਭਗ ਹਫ਼ਤਾ ਭਰ ਰਹਿਣ ਵਾਲੀ ਯਾਤਰਾ ਦੌਰਾਨ ਦੇਖਣ ਨੂੰ ਮਿਲੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸੰਸਦ ਮੈਂਬਰ ਡਾ. ਅਮਰ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਮੁਹੰਮਦ ਸਦੀਕ, ਡਾ. ਰਾਜ ਕੁਮਾਰ ਚੱਬੇਵਾਲ ਉਪ ਨੇਤਾ ਕਾਂਗਰਸ ਵਿਧਾਇਕ ਦਲ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਅਮਿਤ ਵਿੱਜ ਵੀ ਮੌਜੂਦ ਸਨ।