ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਜਾਂਚ ਕਮੇਟੀਆਂ ਅੱਜ ਸ਼ੁਰੂ ਕਰਨਗੀਆਂ ਸੈਂਪਲ ਲੈਣ ਦਾ ਕੰਮ

ਏਜੰਸੀ

ਖ਼ਬਰਾਂ, ਪੰਜਾਬ

ਫੈਕਟਰੀ ਦੇ ਆਸ-ਪਾਸ ਦੇ ਪਿੰਡਾਂ ‘ਚੋਂ ਲਏ ਜਾਣਗੇ ਸੈਂਪਲ

Zira Liquor Factory Case: Investigation committees will start sampling work today

 

ਜ਼ੀਰਾ : ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਲੱਗਾ ਮੋਰਚਾ ਲਗਾਤਾਰ ਜਾਰੀ ਹੈ। ਸਾਂਝੇ ਮੋਰਚੇ ਵੱਲੋਂ ਅੱਜ 27 ਦਸੰਬਰ ਨੂੰ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਵੱਖ-ਵੱਖ ਜੱਥੇਬੰਦੀਆਂ ਨੇ ਸ਼ਾਮਲ ਹੋਣਾ ਸੀ ਪਰ ਸ਼ਰਾਬ ਫੈਕਟਰੀ ਦੇ ਮੁੱਦੇ ਨੂੰ ਲੈ ਕੇ ਸਾਂਝੇ ਮੋਰਚੇ ਦੀ ਆਈ.ਜੀ. ਜਸਕਰਨ ਸਿੰਘ, ਡੀ.ਆਈ.ਜੀ. ਰਣਜੀਤ ਸਿੰਘ, ਐੱਸ.ਐੱਸ.ਪੀ. ਕੰਵਰਦੀਪ ਕੌਰ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਨਾਲ ਬੀਤੀ ਸ਼ਾਮ ਤੱਕ ਹੋਈ ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ ਗਿਆ ਸੀ, ਜਿਸ ਉਪਰੰਤ 27 ਦਸੰਬਰ ਦੇ ਸੂਬਾ ਪੱਧਰੀ ਪ੍ਰਦਰਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਸ਼ਾਸਨ ਨੂੰ ਇਹ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਜਦ ਤੱਕ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਪੂਰੀ ਨਹੀ ਹੋ ਜਾਂਦੀ, ਉਦੋਂ ਤੱਕ ਸ਼ਾਂਤਮਈ ਢੰਗ ਨਾਲ ਮੋਰਚਾ ਫੈਕਟਰੀ ਅੱਗੇ ਜਾਰੀ ਰਹੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਿਸ਼ਵਾਸ਼ ਦਿਵਾਇਆ ਹੈ ਤੇ ਅੱਜ ਤੋਂ ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਸਾਂਝੇ ਮੋਰਚੇ ਵੱਲੋਂ ਦਿੱਤੇ ਗਏ ਮੈਂਬਰਾਂ ਦੀਆਂ ਕਮੇਟੀਆਂ ਆਪਣਾ ਕੰਮ ਸ਼ੁਰੂ ਕਰਨਗੀਆਂ। ਇਥੇ ਦੱਸਣਯੋਗ ਹੈ ਕਿ ਇਹ ਮਾਮਲਾ ਮਾਨਯੋਗ ਹਾਈਕੋਰਟ ਵਿੱਚ ਚੱਲ ਰਿਹਾ ਹੈ ਅਤੇ ਸਰਕਾਰ ਤੇ ਪ੍ਰਸ਼ਾਸਨ ਇਸ ਮਸਲੇ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਇਸਦੇ ਇਲਾਵਾ ਮੋਰਚੇ ਵਾਲੀ ਜਗ੍ਹਾ ’ਤੇ ਪੁਲਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਹਨ।