ਹਾਈਕੋਰਟ ਦੇ ਨਿਰਦੇਸ਼ਾਂ 'ਤੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਏਜੰਸੀ

ਖ਼ਬਰਾਂ, ਪੰਜਾਬ

31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੁਲਿਸ ਸੁਰੱਖਿਆ ਹੇਠ ਆਪਣੇ ਪਿਤਾ ਦੇ ਭੋਗ 'ਚ ਹੋਣਗੇ ਸ਼ਾਮਲ 

Balwant Singh Rajoana

22 ਜਨਵਰੀ ਨੂੰ ਪਿਤਾ ਕਰ ਗਏ ਸਨ ਅਕਾਲ ਚਲਾਣਾ 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾਜਾਫ਼ਤਾ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਪੈਰੋਲ ਦੀ ਮੰਗ ਨੂੰ ਮਨਜ਼ੂਰ ਕਰ ਲਿਆ ਹੈ। ਰਾਜੋਆਣਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਦੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ 22 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ। ਅਜਿਹੇ 'ਚ ਰਾਜੋਆਣਾ ਨੇ ਉਨ੍ਹਾਂ ਦੇ ਭੋਗ 'ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।

ਹਾਈ ਕੋਰਟ ਦੇ ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਦੋਹਰੇ ਬੈਂਚ ਨੇ ਸ਼ੁੱਕਰਵਾਰ ਸਵੇਰੇ ਪੰਜਾਬ ਸਰਕਾਰ ਨੂੰ ਇਹ ਪਤਾ ਲਗਾਉਣ ਲਈ ਨਿਰਦੇਸ਼ ਜਾਰੀ ਕੀਤਾ ਕਿ ਭੋਗ ਅਸਲ ਵਿੱਚ 31 ਜਨਵਰੀ ਨੂੰ ਲੁਧਿਆਣਾ ਦੇ ਸਬੰਧਤ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਹਨ ਜਾਂ ਨਹੀਂ। ਲੁਧਿਆਣਾ ਥਾਣਾ ਸਦਰ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਭੋਗ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪਵੇਗਾ।

ਦੱਸਣਯੋਗ ਹੈ ਕਿ ਰਾਜੋਆਣਾ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਹਨ। ਉਨ੍ਹਾਂ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਨੂੰ ਠੁਕਰਾ ਦਿੱਤਾ ਸੀ। ਇਸ ਦੇ ਪਿੱਛੇ ਕਾਰਨ ਇਹ ਦੱਸਿਆ ਗਿਆ ਕਿ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਇਸ ਲਈ ਉਨ੍ਹਾਂ ਨੂੰ ਪੈਰੋਲ ਨਹੀਂ ਮਿਲ ਸਕੀ।

ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੇ ਪਿਤਾ ਹੀ ਜੇਲ 'ਚ ਉਨ੍ਹਾਂ ਦੀ ਦੇਖਭਾਲ ਕਰਨ ਆਉਂਦੇ ਸਨ। ਉਹ ਪਿਛਲੇ 26 ਸਾਲਾਂ ਤੋਂ ਉਨ੍ਹਾਂ ਨੂੰ ਮਿਲਣ ਆਉਂਦੇ ਸਨ। ਰਾਜੋਆਣਾ ਨੂੰ ਅਦਾਲਤ ਨੇ 27 ਜੁਲਾਈ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ।

31 ਅਗਸਤ 1995 ਨੂੰ ਪੰਜਾਬ ਦੇ ਸਿਵਲ ਸਕੱਤਰੇਤ ਕੰਪਲੈਕਸ ਵਿੱਚ ਇੱਕ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿਤਾ ਗਿਆ  ਸੀ। ਉਸ ਤੋਂ ਇਲਾਵਾ ਇਸ ਧਮਾਕੇ ਵਿਚ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਮਨੁੱਖੀ ਬੰਬ ਬਣਿਆ ਦਿਲਾਵਰ ਸਿੰਘ ਨਾਂ ਦਾ ਇੱਕ ਗਰਮਖਿਆਲੀ ਵੀ ਮਾਰਿਆ ਗਿਆ ਸੀ। 

ਇਸ ਵਾਰਦਾਤ ਵਿਚ ਸ਼ਾਮਲ ਗਰਮ ਖਿਆਲੀਆਂ ਦੀ ਜਥੇਬੰਦੀ ਬੱਬਰ ਖਾਲਸਾ ਦੇ ਮੈਂਬਰ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਸਾਲ 2004 ਵਿੱਚ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਫਰਾਰ ਹੋ ਗਏ ਸਨ। ਬਾਅਦ ਵਿਚ ਉਨ੍ਹਾਂ ਨੂੰ ਫੜ ਲਿਆ ਗਿਆ। ਇਨ੍ਹਾਂ ਸਾਰਿਆਂ ਨੂੰ ਸਜ਼ਾ ਸੁਣਾਈ ਗਈ ਹੈ।