ਦਰਬਾਰ ਸਾਹਿਬ ਦੇ ਸਰੋਵਰ 'ਚ ਵਜ਼ੂ ਕਰਨ ਵਾਲੇ ਨੂੰ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਸੁਭਾਨ ਰੰਗਰੇਜ਼ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰਵੋਰ ’ਚ ਵਜ਼ੂ ਕਰਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਨੌਜਵਾਨ ਸੁਭਾਨ ਰੰਗਰੇਜ਼ ਨੂੰ ਅੱਜ ਅੰਮ੍ਰਿਤਸਰ ਪੁਲਿਸ ਵਲੋਂ ਅਦਾਲਤ ’ਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਸੁਭਾਨ ਰੰਗਰੇਜ਼ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਸੁਭਾਨ ਰੰਗਰੇਜ਼ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ’ਚ ਵਜ਼ੂ ਕੀਤਾ ਸੀ ਅਤੇ ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਆਇਆ ਸੀ ਅਤੇ ਇਸ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ। ਸਿੱਖ ਸੰਗਤਾਂ ਵੱਲੋਂ ਸਬੰਧਤ ਵਿਅਕਤੀ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਉਠੀ ਸੀ। ਇਸ ਤੋਂ ਬਾਅਦ ਸੁਭਾਨ ਰੰਗਰੇਜ਼ ਨੇ ਮੁਆਫ਼ੀ ਵੀ ਮੰਗ ਲਈ। ਬੀਤੇ ਦਿਨੀਂ ਪੰਜਾਬ ਪੁਲਿਸ ਨੇ ਸੁਭਾਨ ਰੰਗਰੇਜ਼ ਨੂੰ ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਸੀ।