ਬੁਰੇ ਫਸੇ ਗਿਆਨੀ ਇਕਬਾਲ ਸਿੰਘ ; ਸ਼ਿਕਾਇਤਾਂ ਦੀ ਜਾਂਚ ਲਈ ਬਣੀ 7 ਮੈਂਬਰੀ ਕਮੇਟੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਅੰਮ੍ਰਿਤਸਰ : ਵਿਵਾਦਾਂ ਵਿਚ ਘਿਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਵਿਚ ਉਸ ਵੇਲੇ ਭਾਰੀ ਵਾਧਾ...

Giani Ikbal Singh

ਅੰਮ੍ਰਿਤਸਰ : ਵਿਵਾਦਾਂ ਵਿਚ ਘਿਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਵਿਚ ਉਸ ਵੇਲੇ ਭਾਰੀ ਵਾਧਾ ਹੋਇਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਇਕਬਾਲ ਸਿੰਘ ਵਿਰੁਧ ਪੁਜ ਰਹੀਆਂ ਲਗਾਤਰ ਸ਼ਿਕਾਇਤਾਂ ਦੀ ਜਾਂਚ ਲਈ ਇਕ 7 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ। ਇਸ ਕਮੇਟੀ ਵਿਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਮੈਬਰ ਭਾਈ ਰਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਪੰਥਕ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਨਿਰਮਲ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਇੰਦਰਜੀਤ ਸਿੰਘ ਰੋਪੜ ਨੂੰ ਸ਼ਾਮਲ ਕੀਤਾ ਗਿਆ ਹੈ। ਸੁਖਦੇਵ ਸਿੰਘ ਭੂਰਾ ਕੋਹਨਾ ਐਡੀਸ਼ਨਲ ਸਕਤੱਰ ਸ਼੍ਰੋਮਣੀ ਕਮੇਟੀ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ। ਇਸ ਕਮੇਟੀ ਦੀ ਰਿਪੋਰਟ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 
ਅੱਜ ਕਾਹਲੀ ਨਾਲ ਬੁਲਾਏ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦਸਿਆ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ, ਸਿੰਘ ਸਭਾਵਾਂ ਅਤੇ ਹੋਰ ਸਿੱਖ ਜਥੇਬੰਦੀਆਂ ਵਲਂੋ ਗਿਆਨੀ ਇਕਬਾਲ ਸਿੰਘ ਦੇ ਬਾਰੇ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ, ਇਨ੍ਹਾਂ ਦੀ ਜਾਂਚ ਲਈ ਇਹ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਨਿਰਦੇਸ਼ ਦਿਤਾ ਗਿਆ ਹੈ ਕਿ ਗਿਆਨੀ ਇਕਬਾਲ ਸਿੰਘ ਮਾਮਲੇ ਦੀ ਜਾਂਚ ਰਿਪੋਰਟ ਤਿੰਨ ਦਿਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੌਂਪੀ ਜਾਵੇ। ਇਸ ਰਿਪੋਰਟ ਦੇ ਅਧਾਰ 'ਤੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਬੰਧਕੀ ਬੋਰਡ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਵਿਰੁਧ ਕਾਰਵਾਈ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਤਕ ਗਿਆਨੀ ਇਕਬਾਲ ਸਿੰਘ ਮਾਮਲੇ ਦੀ ਜਾਂਚ ਕਰ ਰਹੀ ਕਮੇਟੀ ਰਿਪੋਰਟ ਨਹੀ ਪੇਸ਼ ਕਰ ਲੈਂਦੀ, ਉਸ ਸਮੇਂ ਤਕ ਗਿਆਨੀ ਇਕਬਾਲ ਸਿੰਘ ਨੂੰ ਚਾਹੀਦਾ ਹੈ ਕਿ ਉਹ ਤਖ਼ਤ ਸਾਹਿਬ ਦੀਆਂ ਸੇਵਾਵਾਂ ਨਿਭਾਉਣ ਤਂੋ ਗੁਰੇਜ਼ ਕਰਨ ਤਾਂ ਚੰਗਾ ਹੈ। ਇਸ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਹਾਜ਼ਰ ਸਨ।