ਡਾਕਟਰਾਂ ਦੀਆਂ ਛੁੱਟੀਆਂ ਰੱਦ, ਗ੍ਰਹਿ ਵਿਭਾਗ ਨੂੰ ਚੌਕਸੀ ਰੱਖਣ ਦੇ ਹੁਕਮ
ਭਾਰਤ-ਪਾਕਿਸਤਾਨ ਵਿਚ ਲੜਾਈ ਵਾਲਾ ਮਾਹੌਲ ਬਣਿਆ ਹੋਣ ਕਾਰਨ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਐਮਰਜੈਂਸੀ.....
ਚੰਡੀਗੜ੍ਹ : ਭਾਰਤ-ਪਾਕਿਸਤਾਨ ਵਿਚ ਲੜਾਈ ਵਾਲਾ ਮਾਹੌਲ ਬਣਿਆ ਹੋਣ ਕਾਰਨ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਪ੍ਰਮੁੱਖ ਸਕੱਤਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਦੀਆਂ ਛੁੱਟੀਆਂ ਰੱਦ ਕਰਨ ਅਤੇ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿਚ ਜ਼ਰੂਰੀ ਦਵਾਈਆਂ ਦੇ ਪ੍ਰਬੰਧ ਕਰਨ ਦੇ ਹੁਕਮ ਦਿਤੇ ਹਨ।
ਉਨ੍ਹਾਂ ਗ੍ਰਹਿ ਵਿਭਾਗ ਨੂੰ ਪੰਜਾਬ ਦੀਆਂ ਸਾਰੀਆਂ ਮੁੱਖ ਸੜਕਾਂ ਤੇ ਪੁਲਾਂ ਉਤੇ ਵਿਸ਼ੇਸ਼ ਚੌਕਸੀ ਰੱਖਣ, ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਨੂੰ ਖ਼ਾਲੀ ਕਰਨ ਦੀ ਸਥਿਤੀ ਵਿਚ ਲੋਕਾਂ ਦੇ ਰਹਿਣ ਲਈ ਵਿਸ਼ੇਸ਼ ਇੰਤਜ਼ਾਮ ਕਰਨ ਨੂੰ ਕਿਹਾ ਹੈ। ਮੁੱਖ ਸਕੱਤਰ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਖਰਾਬ ਹੋਣ ਦੀ ਸੂਰਤ ਵਿਚ ਲੋਕਾਂ ਲਈ ਸਾਫ਼ ਪੀਣ ਵਾਲਾ ਪਾਣੀ ਦੇ ਬਦਲਵੇਂ ਪ੍ਰਬੰਧ ਕਰਨ ਨੂੰ ਕਿਹਾ ਹੈ। ਵਰਨਣਯੋਗ ਹੈ ਕਿ ਭਾਰਤ ਵਲੋਂ ਪਾਕਿਸਤਾਨ ਖੇਤਰ ਵਿਚ ਬਾਲਾਕੋਟ ਵਿਖੇ ਅਤਿਵਾਦੀਆਂ ਦੇ ਟਿਕਾਣਿਆਂ ਉਤੇ ਕੀਤੇ ਗਏ ਸਰਜੀਕਲ ਸਟਰਾਈਕ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ।