ਕਰਤਾਰਪੁਰ ਲਾਂਘੇ ਦਾ ਕੰਮ ਪਹਿਲਾਂ ਵਾਂਗ ਚੱਲ ਰਿਹੈ, ਕੰਮ ਰੁਕਣ ਦੀਆਂ ਅਫ਼ਵਾਹਾਂ ਨਾ ਫੈਲਾਉਣ ਲੋਕ: ਡੀਸੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਕਰਕੇ ਸਿੱਖਾਂ ਦੀਆਂ ਨਜ਼ਰਾਂ ਕਰਤਾਰਪੁਰ ਲਾਂਘੇ 'ਤੇ ਹਨ ਸੋਸ਼ਲ ਮੀਡੀਆ ਉੱਤੇ ਚਰਚਾ ਹੈ ਕਿ ਕਰਤਾਰਪੁਰ ਲਾਂਘੇ ਦਾ...

Kartarpur Sahib

ਡੇਰਾ ਬਾਬਾ ਨਾਨਕ : ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਕਰਕੇ ਸਿੱਖਾਂ ਦੀਆਂ ਨਜ਼ਰਾਂ ਕਰਤਾਰਪੁਰ ਲਾਂਘੇ 'ਤੇ ਹਨ। ਸੋਸ਼ਲ ਮੀਡੀਆ ਉੱਤੇ ਚਰਚਾ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਰੋਕ ਦਿੱਤਾ ਗਿਆ ਹੈ ਪਰ ਸਰਕਾਰੀ ਸੂਤਰਾਂ ਨੇ ਸਪਸ਼ਟ ਕੀਤਾ ਹੈ ਕਿ ਅਜਿਹਾ ਕੁਝ ਨਹੀਂ। ਪ੍ਰਸ਼ਾਸਨ ਨੇ ਇਸ ਨੂੰ ਅਫ਼ਵਾਹ ਦੱਸਦਿਆਂ ਪੂਰੀ ਤਰ੍ਹਾਂ ਨਕਾਰਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਕਿਹਾ ਕਿ ਲਾਂਘੇ ਦੇ ਉਸਾਰੀ ਕਾਰਜ ਜਾਰੀ ਹਨ।

ਉਨ੍ਹਾਂ ਕਿਹਾ ਜ਼ਮੀਨ ਐਕੁਆਇਰ ਕਰਨ ਤੇ ਨਿਸ਼ਾਨਦੇਹੀ ਦਾ ਕੰਮ ਰੋਕਣ ਸਬੰਧੀ ਉਨ੍ਹਾਂ ਨੂੰ ਅਜੇ ਤੱਕ ਕਿਸੇ ਤਰ੍ਹਾਂ ਦੇ ਕੋਈ ਨਿਰਦੇਸ਼ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਲਾਂਘੇ ਲਈ ਜ਼ਮੀਨ ਦੀ ਨਿਸ਼ਾਨਦੇਹੀ ਦਾ ਕੰਮ ਸੋਮਵਾਰ ਨੂੰ ਸ਼ੁਰੂ ਹੋਇਆ ਸੀ ਤੇ ਇਹ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨਿਸ਼ਾਨਦੇਹੀ ਦਾ ਕੰਮ ਪੂਰਾ ਹੋਣ ਮਗਰੋਂ ਅਸਲ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

ਕੈਬਿਨਟ ਮੰਤਰੀ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸਿੱਧੇ ਤੌਰ ’ਤੇ ਲਾਂਘੇ ਦੇ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹ ਕੇਂਦਰ ਤੇ ਸੂਬਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀਆਂ ਵੱਲੋਂ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਪਾਕਿਸਤਾਨ ਵਾਲੇ ਪਾਸੇ ਲਾਂਘੇ ਦਾ ਉਸਾਰੀ ਕਾਰਜ 50 ਫ਼ੀਸਦੀ ਮੁਕੰਮਲ ਹੋ ਚੁੱਕਿਆ ਹੈ।