ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪਤਨੀ ਦੇ ਇਲਾਜ ਲਈ ਲਿਆ ਸੀ 30 ਲੱਖ ਦਾ ਕਰਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਰਨਤਾਰਨ ਦੇ ਪਿੰਡ ਵੈਰੋਵਾਲ ਦਾਰਾਪੁਤ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Farmer

ਤਰਨਤਾਰਨ (ਦਿਲਬਾਗ ਸਿੰਘ): ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੈਰੋਵਾਲ ਦਾਰਾਪੁਤ ਤੋਂ ਕਿਸਾਨ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਿਸਾਨ ਸਰਬਜੀਤ ਸਿੰਘ ਨੇ ਭਾਰੀ ਕਰਜ਼ੇ ਤੋਂ ਦੁਖੀ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦਰਅਸਲ 55 ਸਾਲਾ ਕਿਸਾਨ ਸਰਬਜੀਤ ਸਿੰਘ ਦੇ ਸਿਰ ’ਤੇ ਬੈਂਕ ਅਤੇ ਆੜ੍ਹਤੀ ਦਾ ਕਰੀਬ 30 ਲੱਖ ਰੁਪਏ ਕਰਜ਼ਾ ਸੀ, ਜਿਸ ਕਰਕੇ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ ਪਰ ਬੀਤੇ ਦਿਨ ਉਸ ਨੇ ਫਾਹਾ ਲਗਾ ਕੇ ਅਪਣੀ ਜੀਵਨਲੀਲਾ ਸਮਾਪਤ ਕਰ ਲਈ।

ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਦੀ ਪਤਨੀ ਕੈਂਸਰ ਦੀ ਮਰੀਜ਼ ਸੀ, ਜਿਸ ਦੇ ਇਲਾਜ ’ਤੇ ਕਾਫ਼ੀ ਖ਼ਰਚਾ ਹੋ ਗਿਆ ਪਰ 2017 ਵਿਚ ਉਸ ਦੀ ਮੌਤ ਹੋ ਗਈ ਸੀ। ਇਸ ਦੌਰਾਨ ਸਰਬਜੀਤ ਸਿੰਘ ’ਤੇ ਭਾਰੀ ਕਰਜ਼ਾ ਚੜ੍ਹ ਗਿਆ ਅਤੇ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ ਪਰ ਹੁਣ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।

ਮ੍ਰਿਤਕ ਕਿਸਾਨ ਦੇ ਭਰਾ ਨੇ ਦੱਸਿਆ ਕਿ ਸਰਬਜੀਤ ਸਿੰਘ ’ਤੇ 30 ਤੋਂ 35 ਲੱਖ ਦਾ ਕਰਜ਼ਾ ਸੀ। ਇਹ ਕਰਜ਼ਾ ਉਹਨਾਂ ਨੇ ਅਪਣੀ ਪਤਨੀ ਦੇ ਇਲਾਜ ਅਤੇ ਧੀਆਂ ਦੇ ਵਿਆਹ ਲਈ ਲਿਆ ਸੀ। ਉਹਨਾਂ ਨੇ ਮੰਗ ਕੀਤੀ ਕਿ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਉਸ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਬਜੀਤ ਸਿੰਘ ਨੇ ਕਰਜ਼ੇ ਕਾਰਨ ਖ਼ੁਦਕੁਸ਼ੀ ਕੀਤੀ ਹੈ। ਉਹਨਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਪੰਜਾਬ ਵਿਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਲੈ ਰਹੀਆਂ।