ਪੰਜਾਬ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦੈ ਕੋਵਿਡ ਟੀਕਾਕਰਨ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਕਰਵਾਇਆ ਜਾ ਸਕਦੈ ਕੋਵਿਡ ਟੀਕਾਕਰਨ

image

ਚੰਡੀਗੜ੍ਹ, 27 ਮਾਰਚ (ਭੁੱਲਰ): ਕੋਵਿਡ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਪੰਜਾਬ ਸਰਕਾਰ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ | ਇਸ ਤੋਂ ਇਲਾਵਾ ਸੈਸ਼ਨ ਸਾਈਟਾਂ ਦੀ ਗਿਣਤੀ ਵੀ ਵਧਾਈ ਜਾਵੇਗੀ ਅਤੇ ਸੂਬੇ ਵਿਚ ਯੋਗ ਵਿਅਕਤੀਆਂ ਦੇ ਟੀਕਾਕਰਨ ਲਈ ਕਿਸੇ ਵੀ ਪਛਾਣ ਪੱਤਰ ਨੂੰ  ਵੈਧ ਮੰਨਿਆ ਜਾਵੇਗਾ | ਅਜਿਹਾ ਪਿਛਲੇ ਕਈ ਦਿਨਾਂ ਤੋਂ ਸੂਬੇ ਵਿਚ ਰੋਜ਼ਾਨਾ ਕੋਵਿਡ ਦੇ ਨਵੇਂ ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਨਾਲ ਕਾਰਗਰ ਢੰਗ ਨਾਲ ਨਜਿੱਠਣ ਲਈ ਕੀਤਾ ਗਿਆ ਹੈ | 
ਇਸ ਸਬੰਧੀ ਫ਼ੈਸਲਾ ਕੋਵਿਡ ਹਾਲਾਤ ਅਤੇ ਚਲ ਰਹੀ ਟੀਕਾਕਰਨ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਵਰਚੂਅਲ ਮੀਟਿੰਗ ਦੌਰਾਨ ਲਿਆ ਗਿਆ | 

ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ  ਹਦਾਇਤ ਕੀਤੀ ਕਿ ਵੱਧ ਤੋਂ ਵੱਧ ਆਬਾਦੀ ਨੂੰ  ਕਵਰ ਕਰਨ ਅਤੇ ਮਹਾਂਮਾਰੀ ਤੋਂ ਕੀਮਤੀ ਮਨੁੱਖੀ ਜਾਨਾਂ ਦੇ ਬਚਾਅ ਲਈ ਚੱਲ ਰਹੀ ਟੀਕਾਕਰਨ ਮੁਹਿੰਮ ਨੂੰ  ਤੇਜ਼ ਕੀਤਾ ਜਾਵੇ | ਉਨ੍ਹਾਂ ਲੋਕਾਂ ਦਰਮਿਆਨ ਕੋਵਿਡ ਨਿਯਮਾਂ ਦੇ ਸਖ਼ਤੀ ਨਾਲ ਲਾਗੂ ਕਰਨ 'ਤੇ ਵੀ ਜ਼ੋਰ ਦਿਤਾ |  ਕੇਂਦਰ ਸਰਕਾਰ ਵਲੋਂ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦਾ ਟੀਕਾਕਰਨ ਕਰਨ ਸਬੰਧੀ ਹਾਲ ਹੀ ਵਿਚ ਦਿਤੀ ਗਈ ਮਨਜ਼ੂਰੀ ਦਾ ਹਵਾਲਾ ਦਿੰਦਿਆਂ ਮਹਾਜਨ ਨੇ ਚੱਲ ਰਹੀ ਟੀਕਾਕਰਨ ਮੁਹਿੰਮ ਦਾ ਦਾਇਰਾ ਵਧਾਉਣ ਲਈ ਸਿਹਤ ਅਤੇ ਹੋਰ ਸਬੰਧਤ ਵਿਭਾਗਾਂ ਨੂੰ  ਹੋਰ ਨਿਜੀ ਸਿਹਤ ਸੰਸਥਾਵਾਂ ਦਾ ਸਹਿਯੋਗ ਲੈਣ ਲਈ ਕਿਹਾ | 
ਸਿਹਤ ਤੇ ਪਰਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਕਿਸੇ ਵੀ ਫ਼ੋਟੋ ਪਛਾਣ ਪੱਤਰ ਨੂੰ  ਟੀਕਾਕਰਨ ਲਈ ਯੋਗ ਮੰਨਿਆ ਜਾਵੇਗਾ ਅਤੇ ਕਿਸੇ ਵਿਸ਼ੇਸ਼ ਪਛਾਣ ਪੱਤਰ 'ਤੇ ਜ਼ੋਰ ਦੇਣ ਦੀ ਜ਼ਰੂਰਤ ਨਹੀਂ ਹੈ | ਮੀਟਿੰਗ ਵਿਚ ਹਿੱਸਾ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਕਿਹਾ ਕਿ ਸੂਬੇ ਦੀ ਪੁਲਿਸ ਵਾਇਰਸ ਦੇ ਫੈਲਾਅ ਨੂੰ  ਰੋਕਣ ਲਈ ਪੱਬਾਂ ਭਾਰ ਹੈ ਅਤੇ ਮਾਸਕ ਨਾ ਪਾਉਣ ਕਰ ਕੇ ਸੂਬੇ ਵਿਚ ਹੁਣ ਤਕ 90,363 ਵਿਅਕਤੀਆਂ ਨੂੰ  ਕੋਵਿਡ ਟੈਸਟਿੰਗ ਲਈ ਲਿਜਾਇਆ ਗਿਆ ਹੈ | ਇਸ ਦੇ ਨਾਲ ਹੀ ਮਾਸਕ ਨਾ ਪਾਉਣ ਕਰ ਕੇ ਇਕ ਹਫਤੇ ਵਿਚ 18,500 ਤੋਂ ਵੱਧ ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ |