ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਨਗਰ ਕੀਰਤਨ ਅਠਵੇਂ ਪੜਾਅ ਵਲ ਹੋਇਆ ਰਵਾਨਾ

ਏਜੰਸੀ

ਖ਼ਬਰਾਂ, ਪੰਜਾਬ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਨਗਰ ਕੀਰਤਨ ਅਠਵੇਂ ਪੜਾਅ ਵਲ ਹੋਇਆ ਰਵਾਨਾ

image

ਫ਼ਤਹਿਗੜ੍ਹ ਸਾਹਿਬ, 27 ਮਾਰਚ (ਸਵਰਨਜੀਤ ਸਿੰਘ ਸੇਠੀ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਗੁਰਦਵਾਰਾ ਗੁਰੂ ਕੇ ਮਹਿਲ ਸ੍ਰੀ ਅੰਮਿ੍ਰਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦਵਾਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਅੱਠਵੇਂ ਪੜਾਅ ਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਅਤੇ ਸਤਿਕਾਰ ਪ੍ਰਤੀ ਸਲਾਮੀ ਵੀ ਦਿਤੀ ਗਈ। ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ। ਅੱਠਵੇਂ ਪੜਾਅ ਵਲ ਰਵਾਨਾ ਹੋਇਆ ਨਗਰ ਕੀਰਤਨ ਮਾਧੋਂਪੁਰ ਚੌਕ ਤੋਂ ਹੁੰਦਾ ਹੋਇਆ ਪਿੰਡ ਆਦਮਪੁਰ, ਖਰੌੜਾ, ਰੁੜਕੀ, ਜਖਵਾਲੀ, ਗੁਰਦੁਆਰਾ ਪਾਤਸ਼ਾਹੀ ਨੌਵੀਂ ਜਖਵਾਲੀ, ਨਰੈਣਗੜ੍ਹ, ਛੰਨਾ ਮੋੜ, ਸੈਫ਼ਲਪੁਰ, ਮਹਿੰਦੀਪੁਰ ਆਦਿ ਪਿੰਡਾਂ ’ਚ ਹੁੰਦਾ ਹੋਇਆ ਪਟਿਆਲਾ ’ਚ ਪ੍ਰਵੇਸ਼ ਕਰੇਗਾ।