ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਸਿਹਤ ਮੰਤਰੀ ਵੱਲੋਂ ਸਿਹਤ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

photo

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ  ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਸਥਿਤ ਡਾਇਰੈਕਟਰ ਹੈਲਥ ਆਫ਼ਿਸ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਅਤੇ ਡਾਇਰੈਕਟਰ ਈ.ਐਸ.ਆਈ ਡਾ. ਸੀਮਾ ਵੀ ਹਾਜ਼ਰ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਨਾਲ ਇਹ ਮੀਟਿੰਗ ਕਰਨ ਦਾ ਮਕਸਦ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਬਿਹਤਰ ਢੰਗ ਨਾਲ ਸਮਝਣਾ ਹੈ ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੇ ਕੰਮ 'ਤੇ ਜ਼ਿਆਦਾ ਧਿਆਨ ਦੇ ਸਕਣ, ਜਿਸ ਨਾਲ ਕੰਮ ਲਈ ਸਾਜ਼ਾਗਾਰ ਮਾਹੌਲ ਬਣੇਗਾ ਅਤੇ ਜਨਤਕ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਰੱਖਣ ਲਈ ਹਰੇਕ ਕਰਮਚਾਰੀ ਯੂਨੀਅਨ ਨੂੰ ਪੂਰਾ ਸਮਾਂ ਦਿੱਤਾ ਗਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਵਿੱਚ ਨਾਕਾਮ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਸਿਹਤ ਸਟਾਫ ਸ਼ਲਾਘਾਯੋਗ ਕੰਮ ਕਰ ਰਿਹਾ ਹੈ ਅਤੇ ਉਹ ਸਾਡੇ ਸਿਹਤ ਕਰਮਚਾਰੀਆਂ ਦੀਆਂ ਭਾਵਨਾਵਾਂ ਅਤੇ ਮੰਗਾਂ ਦਾ ਸਤਿਕਾਰ ਕਰਦੇ ਹਨ।

ਸਿਹਤ ਮੰਤਰੀ ਨੇ ਕਰਮਚਾਰੀਆਂ ਨੂੰ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ-ਮੁਜ਼ਾਹਰੇ ਕਰਨ ਦੀ ਲੋੜ ਨਹੀਂ ਪਵੇਗੀ।

ਇਸ ਮੀਟਿੰਗ ਵਿੱਚ ਰੂਰਲ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ, ਓ.ਓ.ਏ.ਟੀ ਅਤੇ ਨਸ਼ਾ ਛੁਡਾਊ ਕੇਂਦਰ ਕਰਮਚਾਰੀ ਯੂਨੀਅਨ, ਐਨ.ਐਚ.ਐਮ ਕਰਮਚਾਰੀ ਯੂਨੀਅਨ ਪੰਜਾਬ, ਏਡਜ਼ ਕੰਟਰੋਲ ਕਰਮਚਾਰੀ ਯੂਨੀਅਨ, ਡਰਾਈਵਰ ਐਸੋਸੀਏਸ਼ਨ, ਸੀਐਚਓ ਯੂਨੀਅਨ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਕੋਵਿਡ ਵਲੰਟੀਅਰਜ਼ ਯੂਨੀਅਨ, ਰਜਿੰਦਰਾ ਮੈਡੀਕਲ ਕਾਲਜ ਆਊਟਸੋਰਸ ਇੰਪਲਾਈਜ਼ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

ਯੂਨੀਅਨ ਆਗੂਆਂ ਨੇ ਤਸੱਲੀ ਜ਼ਾਹਰ ਕੀਤੀ ਅਤੇ ਸਿਹਤ ਮੰਤਰੀ ਵੱਲੋਂ ਖੁਦ ਮੁਲਾਜ਼ਮ ਜਥੇਬੰਦੀਆਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਧਿਆਨ ਨਾਲ ਸੁਣਨ ਲਈ ਕੀਤੀ ਇਸ ਮੀਟਿੰਗ ਨੂੰ ਇੱਕ ਵਧੀਆ ਉਪਰਾਲਾ ਕਰਾਰ ਦਿੱਤਾ।