ਅਸੀਂ ਪੰਜਾਬ ਨੂੰ ਬਣਾਵਾਂਗੇ ਪੂਰੀ ਤਰ੍ਹਾਂ ਨਸ਼ਾ ਮੁਕਤ, ਤਸਕਰਾਂ ਦਾ ਖਾਤਮਾ ਕਰਾਂਗੇ- ਮੰਤਰੀ ਤਰੁਣਪ੍ਰੀਤ ਸਿੰਘ ਸੌਂਦ
'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 149 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਦੀ ਨਕਦੀ ਬਰਾਮਦ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 27 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।
ਸ਼ੁੱਕਰਵਾਰ ਨੂੰ ਮੰਤਰੀ ਤਰੁਣਪ੍ਰੀਤ ਸੌਂਦ ਨੇ 'ਆਪ' ਆਗੂ ਡਾ. ਸੰਨੀ ਆਹਲੂਵਾਲੀਆ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੰਤਰੀ ਨੇ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਆਮ ਲੋਕ ਵੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਸ਼ਲਾਘਾ ਕਰ ਰਹੇ ਹਨ।
ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵਾਂਗੇ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਉਸ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਪਿਛਲੀ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ ਅਤੇ ਤਿੰਨਾਂ ਪਾਰਟੀਆਂ 'ਤੇ ਨਸ਼ੇ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਲਾਏ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ 149 ਕਿਲੋ ਹੈਰੋਇਨ, 87 ਕਿਲੋ ਅਫੀਮ ਅਤੇ 5.83 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 2443 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4218 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੁਲਿਸ ਨੇ ਕਰੀਬ 8 ਲੱਖ ਨਸ਼ੀਲੀਆਂ ਗੋਲੀਆਂ ਅਤੇ 2000 ਕਿਲੋਗ੍ਰਾਮ ਤੋਂ ਵੱਧ ਭੁੱਕੀ, 34 ਕਿਲੋ ਗਾਂਜਾ, 6 ਕਿਲੋ ਚਰਸ ਅਤੇ 1.25 ਕਿਲੋ ਆਈਸ, ਕਰੀਬ 500 ਬੋਤਲਾਂ ਨਕਲੀ ਸ਼ਰਾਬ, 7 ਕਿਲੋ ਨਸ਼ੀਲਾ ਪਾਊਡਰ ਅਤੇ 514 ਟੀਕੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 51 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਇਹ ਘਰ ਗੈਰ-ਕਾਨੂੰਨੀ ਢੰਗ ਨਾਲ ਬਣਾਏ ਸਨ।
ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਸਬੰਧਤ 22 ਮੋਟਰਸਾਈਕਲ, 8 ਮੋਬਾਈਲ, 4 ਕਾਰਾਂ ਅਤੇ 12 ਪਿਸਤੌਲ ਬਰਾਮਦ ਕੀਤੇ ਹਨ। ਕਾਰਵਾਈ ਦੌਰਾਨ 4 ਕਿਲੋ ਤੋਂ ਵੱਧ ਸੋਨਾ, ਜਿਸ ਵਿੱਚ ਇੱਕ ਹਾਰ ਅਤੇ ਦੋ ਚੇਨਾਂ ਸ਼ਾਮਲ ਸਨ ਅਤੇ 1.25 ਕਿਲੋ ਚਾਂਦੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 5689 ਟਰੈਫਿਕ ਚਲਾਨ ਕੀਤੇ ਗਏ ਹਨ।
ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਤੁਹਾਡੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਨਸ਼ਿਆਂ ਨਾਲ ਸਬੰਧਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ।
ਸੌਂਦ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਹੋਰ ਵੀ ਕਈ ਵਧੀਆ ਕਦਮ ਚੁੱਕ ਰਹੀ ਹੈ। ਲੋਕਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ 1000 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ। ਅਜਿਹੇ ਪ੍ਰੋਗਰਾਮ ਸੈਂਕੜੇ ਪਿੰਡਾਂ ਵਿੱਚ ਵੀ ਚਲਾਏ ਜਾ ਚੁੱਕੇ ਹਨ।
ਉਨ੍ਹਾਂ ਆਮ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਅਤੇ ਨਸ਼ੇ ਤੋਂ ਪੀੜਤ ਲੋਕਾਂ ਨੂੰ ਜਲਦੀ ਤੋਂ ਜਲਦੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। ਇਨ੍ਹਾਂ ਕੇਂਦਰਾਂ ਵਿੱਚ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕ ਨਸ਼ਾ ਛੱਡ ਕੇ ਆਮ ਜੀਵਨ ਵਿੱਚ ਪਰਤ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਹੋਣ ਤੋਂ ਬਾਅਦ ਸਰਕਾਰ ਵੱਲੋਂ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ ਅਤੇ ਜੇਕਰ ਕੋਈ ਸਵੈ-ਰੁਜ਼ਗਾਰ ਕਰਨ ਦਾ ਇੱਛੁਕ ਹੈ ਤਾਂ ਪੰਜਾਬ ਸਰਕਾਰ ਉਸ ਲਈ ਵੀ ਮਦਦ ਕਰੇਗੀ।
ਮੰਤਰੀ ਸੌਂਦ ਨੇ ਪੰਜਾਬ ਦੇ ਸਮੂਹ ਪੰਚਾਂ, ਸਰਪੰਚਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦਾ ਸਾਥ ਦੇਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ।