ਸੁੱਚਾ ਸਿੰਘ ਲਗਾਹ ਬਣੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਲਈ ਮੁਸੀਬਤ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ 'ਤੇ ਹੋ ਰਹੇ ਨੇ ਸਵਾਲ ਖੜ੍ਹੇ

Sucha Singh Langah

ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਮੁੜ ਚਰਚਾ ਵਿਚ ਹਨ। ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਸ਼੍ਰੋਮਣੀ ਅਕਾਲੀ ਦਲ ਲਈ ਵੀ ਮੁਸੀਬਤ ਬਣਦੀਆਂ ਜਾ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦੇ ਬਾਵਜੂਦ ਲੰਗਾਹ ਨੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਤੋਂ ਮਗਰੋਂ ਸਿੱਖ ਸੰਗਤਾਂ ਵਿਚ ਰੋਸ ਵਧ ਗਿਆ ਹੈ। ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਹੁਣ ਪੰਥਕ ਧਿਰਾਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਦਾ ਸਵਾਲ ਇਹ ਹੈ ਕਿ ਸੁਖਬੀਰ ਬਾਦਲ ਚੁੱਪ ਕਿਉਂ ਹਨ?

ਦਿਲਚਸਪ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਹਨ। ਲੰਗਾਹ ਸ਼੍ਰੋਮਣੀ ਅਕਾਲੀ ਦਲ ਲਈ ਪ੍ਰਚਾਰ ਕਰ ਰਹੇ ਹਨ ਪਰ ਪਾਰਟੀ ਪ੍ਰਧਾਨ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ। ਵਿਰੋਧੀ ਇਲਜ਼ਾਮ ਲਗਾ ਰਹੇ ਹਨ ਕਿ ਇਹ ਸਭ ਸੁਖਬੀਰ ਬਾਦਲ ਦੀ ਰਜ਼ਾਮੰਦੀ ਨਾਲ ਹੀ ਹੋ ਰਿਹਾ ਹੈ। ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਮੰਗ ਪੱਤਰ ਦੇ ਕੇ ਲੰਗਾਹ ਵੱਲੋਂ ਸ਼ਰੇਆਮ ਕੀਤੇ ਜਾ ਰਹੇ ਸਮਾਗਮ ਤੇ ਕੁਝ ਲੋਕਾਂ ਵੱਲੋਂ ਉਸ ਨੂੰ ਦਿੱਤੇ ਜਾ ਰਹੇ ਸਹਿਯੋਗ ਦਾ ਮਾਮਲਾ ਮੁੜ ਉਭਾਰਿਆ।

ਇਸ ਸਬੰਧੀ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਨੂੰ ਜਾਣੂ ਕਰਾਇਆ ਗਿਆ ਸੀ ਤੇ ਸ੍ਰੀ ਅਕਾਲ ਤਖ਼ਤ ਤੋਂ 24 ਅਪ੍ਰੈਲ ਨੂੰ ਸਿੱਖ ਸੰਗਤ ਦੇ ਨਾਂ ਆਦੇਸ਼ ਵੀ ਜਾਰੀ ਕੀਤਾ ਗਿਆ ਸੀ। ਇਸ ਦੇ ਬਾਵਜੂਦ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਅਕਾਲੀ ਦਲ ਨਾਲ ਸਬੰਧਤ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਲੰਗਾਹ ਨੂੰ ਪੂਰੀ ਤਰ੍ਹਾਂ ਸਹਿਯੋਗ ਦੇ ਰਹੇ ਹਨ, ਜਿਸ ਨਾਲ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਲਿਖਿਆ ਕਿ ਇਹ ਕਾਰਵਾਈ ਸ੍ਰੀ ਅਕਾਲ ਤਖਤ ਨੂੰ ਚੁਣੌਤੀ ਦੇਣ ਵਾਲੀ ਹੈ। ਇਸ ਮੰਗ ਪੱਤਰ ਵਿਚ ਉਨ੍ਹਾਂ ਲਗਪਗ 15 ਅਜਿਹੇ ਵਿਅਕਤੀਆਂ ਦੇ ਨਾਂ ਵੀ ਲਿਖੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਚੁੱਪ ਵੱਟੀ ਹੋਈ ਹੈ ਤੇ ਉਨ੍ਹਾਂ ਨੂੰ ਇਸ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਆਦੇਸ਼ ਦਿੱਤਾ ਜਾਵੇ ਕਿ ਉਹ ਅਕਾਲ ਤਖ਼ਤ ਦੀ ਹੋਂਦ ਤੋਂ ਮੁਨਕਰ ਲੰਗਾਹ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ। ਇਹ ਮੰਗ ਪੱਤਰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਪ੍ਰਾਪਤ ਕੀਤਾ।

ਦੱਸ ਦਈਏ ਕਿ ਸੁੱਚਾ ਸਿੰਘ ਲਗਾਹ ਬਲਾਤਕਾਰ ਦੇ ਦੋਸ਼ ਲੱਗਣ ਕਰ ਕੇ ਪੰਥ ਵਿਚੋਂ ਛੇਕੇ ਗਏ ਸਨ। ਬਲਾਤਕਾਰ ਦੇ ਦੋਸ਼ ਲੱਗਣ ਮਗਰੋਂ ਪੰਥ ਵਿਚੋਂ ਛੇਕੇ ਗਏ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਪਾਬੰਦੀ ਦੇ ਬਾਵਜੂਦ ਬੀਤੇ ਦਿਨ ਕਲਾਨੌਰ ਵਿਚ ਇਕ ਵਿਸ਼ਾਲ ਰੈਲੀ ਕਰਕੇ ਦਰਸਾ ਦਿੱਤਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਟਿੱਚ ਕਰਕੇ ਜਾਣਦੇ ਹਨ।

ਜਿਸ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਸਿੱਖ ਸੰਗਤ ਨੂੰ ਹਦਾਇਤ ਕੀਤੀ ਸੀ ਕਿ ਉਹ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਤੋਂ ਗੁਰੇਜ਼ ਕਰਨ ਤੇ ਅਜਿਹਾ ਨਾ ਕਰਨਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਮੰਨਿਆ ਜਾਵੇਗਾ।