ਜਾਖੜ ਦਾ ‘ਆਪ’ ਨੂੰ ਠੋਕਵਾਂ ਜਵਾਬ, ਮਾਨ ਨੇ ਲਗਾਇਆ ਸੀ 10 ਕਰੋੜ ’ਚ ‘ਆਪ’ ਵਿਧਾਇਕ ਖ਼ਰੀਦਣ ਦਾ ਇਲਜ਼ਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨ ਨੇ ਕੀਤਾ ਸੀ ਦਾਅਵਾ, ਨਾਜਰ ਸਿੰਘ ਮਾਨਸ਼ਾਹੀਆ 10 ਕਰੋੜ ’ਚ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਮੈਨੀ ਲਈ ਵਿਕੇ

Sunil Jakhar reply to AAP

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਵਲੋਂ ਕਾਂਗਰਸ ’ਤੇ ਵਿਧਾਇਕ ਖਰੀਦਣ ਦੇ ਲਾਏ ਇਲਜ਼ਾਮ ’ਤੇ ਠੋਕਵਾਂ ਜਵਾਬ ਦਿੰਦਿਆਂ ਕਿਹਾ ਕਿ ਪਹਿਲਾਂ ‘ਆਪ’ ਅਪਣਾ ਘਰ ਸੰਭਾਲੇ। ਉਨ੍ਹਾਂ ਕਿਹਾ ਕਿ ‘ਆਪ’ ਤਾਂ ਅੱਜ ਤੋਂ ਪਹਿਲਾਂ ਵੀ ਟੁੱਟ ਚੁੱਕੀ ਹੈ ਤੇ ਉਦੋਂ ਕਿਹੜਾ ਕਾਂਗਰਸ ਨੇ ਉਨ੍ਹਾਂ ਨੂੰ ਤੋੜਿਆ ਸੀ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਸੰਗਰੂਰ ਵਿਚ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕਾਂਗਰਸ 'ਆਪ' ਵਿਧਾਇਕਾਂ ਨੂੰ 10 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ਉਨ੍ਹਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਆਪ' ਨੂੰ ਤੋੜਨਾ ਚਾਹੁੰਦੀ ਹੈ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਨਾਜਰ ਸਿੰਘ ਮਾਨਸ਼ਾਹੀਆ 10 ਕਰੋੜ ਰੁਪਏ ’ਚ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਮੈਨੀ ਲਈ ਵਿਕੇ ਹਨ।

ਇਸ ਦੌਰਾਨ ਜਾਖੜ ਨੇ ਕਿਹਾ ਕਿ ਆਮ ਆਦਮੀ ਦੇ ਸਾਰੇ ਦਿੱਗਜ ਨੇਤਾ ਪਾਰਟੀ ਛੱਡ ਕੇ ਜਾ ਚੁੱਕੇ ਹਨ ਤੇ ਟੁੱਟੇ ਹੋਏ ਘਰ ਦੇ ਮੈਂਬਰ ਕਿਸੇ ਨਾ ਕਿਸੇ ਵਿਕਲਪ ਵੱਲ ਜ਼ਰੂਰ ਜਾਂਦੇ ਹਨ। ਜਾਖੜ ਨੇ ਆਮ ਆਦਮੀ ਪਾਰਟੀ ਦੇ ਸਾਰੇ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਅਪਣਾ ਆਧਾਰ ਗੁਆ ਚੁੱਕੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਜਾਖੜ ਨੇ ਕਿਹਾ ਕਿ ਰਾਜਾ ਵੜਿੰਗ 'ਤੇ ਲੱਗੇ ਇਲਜ਼ਾਮਾਂ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਅਕਾਲੀ ਦਲ ਪੂਰੀ ਤਰ੍ਹਾਂ ਬੌਖ਼ਲਾ ਚੁੱਕਿਆ ਹੈ।