ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਕਰਨਾ ਚਾਹੀਦੈ ਪਰਹੇਜ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ ਕਣਕ ਦੀ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਵਿਗਿਆਨ

File Photo

ਚੰਡੀਗੜ੍ਹ, 27 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕਿਸਾਨਾਂ ਨੂੰ ਕਣਕ ਦੀ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦਿਆਂ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵਲੋਂ ਸੂਬੇ ਵਿਚ ਪਰਾਲੀ ਸਾੜਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ ਅਤੇ ਇਸ ਸਬੰਧੀ ਸੀਆਰਪੀਸੀ ਦੀ ਧਾਰਾ 144 ਤਹਿਤ ਆਦੇਸ਼ ਵੀ ਦਿਤੇ ਗਏ ਹਨ, ਫਿਰ ਵੀ ਪਰਾਲੀ ਸਾੜਨ ਦੇ ਨਤੀਜਿਆਂ ਨੂੰ ਨਜ਼ਰਅੰਦਾਜ਼ ਕਰਦਿਆਂ ਕੁੱਝ ਕਿਸਾਨ ਪਰਾਲੀ ਸਾੜਦੇ ਹਨ।

ਇਸ ਸਬੰਧੀ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਫੈਲਣ ਨਾਲ, ਜੋ ਮਨੁੱਖੀ ਸਾਹ ਪ੍ਰਣਾਲੀ 'ਤੇ ਮਾੜਾ ਪ੍ਰਭਾਵ ਪਾਉਂਦਾ ਹੈ, ਅਜਿਹੇ ਹਾਲਾਤ ਵਿਚ ਪਰਾਲੀ ਸਾੜਨ ਨਾਲ ਲੋਕਾਂ ਦੀ ਸਿਹਤ 'ਤੇ ਹੋਰ ਬੁਰਾ ਅਸਰ ਪੈ ਸਕਦਾ ਹੈ। ਇਸ ਲਈ ਅਜਿਹੇ ਹਾਲਾਤ ਵਿਚ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਇਹ ਲਾਜ਼ਮੀ ਹੈ ਕਿ ਹਵਾ ਪ੍ਰਦੂਸ਼ਣ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾਵੇ ਤਾਂ ਜੋ ਇਸ ਬੀਮਾਰੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।

ਇਸ ਤੋਂ ਇਲਾਵਾ ਵਾਤਾਵਰਣ ਨੂੰ ਸਾਫ਼ ਰਖਣਾ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਲੋਕ ਸਾਫ਼ ਹਵਾ ਵਿਚ ਸਾਹ ਲੈ ਕੇ ਤੰਦਰੁਸਤ ਰਹਿ ਸਕਣ। ਇਸ ਲਈ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰਖਦਿਆਂ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਿਆਂ ਵਿਚ ਕੋਰੋਨਾ ਵਾਇਰਸ ਵਿਰੁਧ ਮੁਹਿੰਮ ਦੌਰਾਨ ਕਣਕ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕੀਤਾ ਜਾਵੇ।