400ਵੇਂ ਪ੍ਰਕਾਸ਼ ਪੁਰਬ ’ਤੇ ਸਰਕਾਰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ: ਹਵਾਰਾ ਕਮੇਟੀ
ਖੇਤੀ ਕਾਨੂੰਨ ਰੱਦ ਕਰਨ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਮੰਗ
ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਹੈ ਕਿ ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਪ੍ਰਕਾਸ਼ ਦਿਵਸ ਦੀ ਪਵਿੱਤਰਤਾ ਤੇ ਸਤਿਕਾਰ ਨੂੰ ਧਿਆਨ ਵਿਚ ਰਖਦੇ ਹੋਏ ਭਾਰਤ ਸਰਕਾਰ ਸਜ਼ਾ ਪੂਰੀ ਕਰ ਚੁਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ। ਤਿੰਨ ਖੇਤੀ ਕਾਨੂੰਨ ਰੱਦ ਕਰੇ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਸ਼ੁਰੂ ਕਰੇ।
ਕਮੇਟੀ ਆਗੂਆਂ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਰਾਜਸੀ ਕੈਦੀਆਂ ਨੂੰ ਛੱਡਣ ਦੀ ਗੱਲ ਕੀਤੀ ਸੀ ਪਰ ਅੱਜ ਤਕ ਕੇਵਲ ਭਾਈ ਲਾਲ ਸਿੰਘ ਨੂੰ ਹੀ ਰਿਹਾਅ ਕੀਤਾ ਗਿਆ ਹੈ ਜਿਸ ਦੀ ਅਸੀ ਸ਼ਲਾਘਾ ਕਰਦੇ ਹਾਂ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੈੜਾ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਹਰਨੇਕ ਸਿੰਘ ਭੱਪ ਆਦਿ ਜੋ ਕਿ ਪੈਰੋਲ ਤੇ ਕਾਨੂੰਨ ਅਨੁਸਾਰ ਚੰਗੇ ਨਾਗਰਿਕ ਵਾਂਗ ਛੁੱਟੀ ਕੱਟਦੇ ਹਨ, ਨੂੰ ਅਜੇ ਤਕ ਨਹੀਂ ਛਡਿਆਂ ਗਿਆ ਜਦਕਿ ਇਨ੍ਹਾਂ ਦੀ ਸਜ਼ਾਵਾਂ ਪੂਰੀ ਹੋ ਚੁੱਕੇ ਕਾਫ਼ੀ ਸਮਾਂ ਹੋ ਗਿਆ ਹੈ।
ਕਮੇਟੀ ਆਗੂਆਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ ਦੌਰਾਨ 400 ਤੋਂ ਵੱਧ ਕਿਸਾਨ ਜਾਨਾਂ ਜਾਣ ਦੇ ਬਾਵਜੂਦ ਸਰਕਾਰ ਦੇ ਗ਼ੈਰ-ਮਨੁੱਖੀ ਰਵਈਏ ਦੀ ਆਲੋਚਨਾ ਕੀਤੀ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲੇ੍ਹ ਜਾਣ ਦੀ ਜ਼ੋਰਦਾਰ ਮੰਗ ਕੀਤੀ।
ਪ੍ਰੈਸ ਕਾਨਫ਼ਰੰਸ ਨੂੰ ਮੁੱਖ ਬੁਲਾਰੇ ਪ੍ਰੋਫ਼ੈਸਰ ਬਲਜਿੰਦਰ ਸਿੰਘ ਤੋਂ ਇਲਾਵਾ ਪੰਜਾਂ ਸਿੰਘਾਂ ਵਿਚੋਂ ਭਾਈ ਸਤਨਾਮ ਸਿੰਘ ਝੰਝੀਆਂ, ਜਥੇ. ਮਹਾਬੀਰ ਸਿੰਘ ਸੁਲਤਾਨਵਿੰਡ, ਭੁਪਿੰਦਰ ਸਿੰਘ ਭਲਵਾਨ ਜਰਮਨੀ, ਜਥੇ.ਸੁਖਰਾਜ ਸਿੰਘ ਵੇਰਕਾ, ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ, ਜਸਪਾਲ ਸਿੰਘ ਪੁਤਲੀਘਰ, ਰਘਬੀਰ ਸਿੰਘ ਭੁੱਚਰ ਆਦਿ ਨੇ ਸੰਬੋਧਨ ਕੀਤਾ।