ਮ੍ਰਿਤਕ ਜਸਪਾਲ ਦੇ ਘਰ ਪਹੁੰਚੇ ਬਾਦਲ ਦਾ ਕੈਪਟਨ ਸਰਕਾਰ 'ਤੇ ਨਿਸ਼ਾਨਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜਸਪਾਲ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਫਰੀਦਕੋਟ: ਪੁਲਿਸ ਦੀ ਹਿਰਾਸਤ ਵਿਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦਾ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਜਸਪਾਲ ਦੇ ਘਰ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਸਮੇਂ ਪ੍ਰਕਾਸ਼ ਸਿੰਘ ਬਾਦਲ ਨੇ ਉਚ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਉਚ ਅਧਿਕਾਰੀਆਂ ਨਾਲ ਗੱਲ ਕਰਕੇ ਉਹਨਾਂ ਨੂੰ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਸਿੱਟ (SIT) ਬਣਾਈ ਜਾਵੇ। ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ। ਉਹਨਾਂ ਕਿਹਾ ਕਿ ਅਧਿਕਾਰੀਆਂ ਨੇ ਉਹਨਾਂ ਨੂੰ ਯਕੀਨ ਦਿਵਾਇਆ ਹੈ ਹੈ ਕਿ ਉਹ ਕਥਿਤ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰਨਗੇ।
ਇਸ ਸਮੇਂ ਕੈਪਟਨ ਸਰਕਾਰ ‘ਤੇ ਨਿਸ਼ਾਨਾ ਲਗਾਉਂਦੇ ਹੋਏ ਉਹਨਾਂ ਕਿਹਾ, ‘ਅੱਜ ਜੰਗਲ ਦਾ ਰਾਜ ਹੈ, ਜੋ ਮਰਜੀ ਕੋਈ ਕਰੀ ਜਾਵੇ, ਕੋਈ ਪੁੱਛਣ ਵਾਲਾ ਨਹੀਂ, ਇਹੀ ਕੁੱਝ ਅਤਿਵਾਦ ਦੇ ਸਮੇਂ ਹੁੰਦਾ ਸੀ’। ਇਸ ਦੇ ਨਾਲ ਹੀ ਜਸਪਾਲ ਦੇ ਪਰਿਵਾਰਕ ਮੈਂਬਰ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਆਖਿਆ ਕਿ ਪੁਲਿਸ ਉਨ੍ਹਾਂ ਨੂੰ ਕੋਈ ਥਹੁ ਪਤਾ ਨਹੀਂ ਦੇ ਰਹੀ। 10 ਦਿਨਾਂ ਬਾਅਦ ਵੀ ਪੁਲਿਸ ਜਸਪਾਲ ਦੀ ਲਾਸ਼ ਨੂੰ ਲੱਭਣ ਵਿਚ ਨਾਕਾਮ ਸਾਬਤ ਹੋਈ ਹੈ।
ਦੱਸ ਦਈਏ ਕਿ 18 ਮਈ ਨੂੰ ਜਸਪਾਲ ਨੂੰ ਸੀਆਈਏ ਸਟਾਫ਼ ਵਲੋਂ ਉਠਾਇਆ ਗਿਆ ਸੀ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ ਅਤੇ ਪੁਲਿਸ ਨੇ ਉਸ ਦੀ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ। ਹਾਲਾਂਕਿ ਪੁਲਿਸ ਵਲੋਂ ਕੁੱਝ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਜਸਪਾਲ ਦੀ ਲਾਸ਼ ਦਾ ਹਾਲੇ ਤਕ ਕੋਈ ਪਤਾ ਨਹੀਂ ਚੱਲ ਸਕਿਆ। ਜਸਪਾਲ ਸਿੰਘ ਦੀ ਮੌਤ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਪੁਲਿਸ ਪ੍ਰਤੀ ਗੁੱਸਾ ਵਧ ਰਿਹਾ ਹੈ ਤਾਂ ਉਥੇ ਹੀ ਸਰਕਾਰ ਪ੍ਰਤੀ ਵੀ ਲੋਕਾਂ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ।