ਜਿਵੇਂ ਦਿੱਲੀ 'ਚ ਨਾੜ ਸਾੜਨ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ ਉਵੇਂ ਹੀ ਪੰਜਾਬ 'ਚ ਵੀ ਹੋ ਜਾਵੇਗਾ - ਰਾਘਵ ਚੱਢਾ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਵੀ ਇਸੇ ਤਰ੍ਹਾਂ ‘ਆਪ’ ਸਰਕਾਰ ਨਾੜ ਸਾੜਨ ਦੀ ਸਮੱਸਿਆ ਦਾ ਹੱਲ ਲੱਭ ਲਵੇਗੀ।

Raghav Chadha

 

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਲੀ ਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਬਿਆਨ ਦਿੱਤਾ ਹੈ ਤੇ ਕਿਹਾ ਕਿ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਾੜ ਸਾੜਨ ਦੀ ਸਮੱਸਿਆ ਦਾ ਹੱਲ ਕਰ ਕੇ ਪ੍ਰਦੂਸ਼ਣ ’ਤੇ ਰੋਕ ਲਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਵਿਚ ਵੀ ਇਸੇ ਤਰ੍ਹਾਂ ‘ਆਪ’ ਸਰਕਾਰ ਨਾੜ ਸਾੜਨ ਦੀ ਸਮੱਸਿਆ ਦਾ ਹੱਲ ਲੱਭ ਲਵੇਗੀ।

ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਨਵੇਂ ਵਿਚਾਰਾਂ ਅਤੇ ਤਕਨੀਕ ਦਾ ਸਹਾਰਾ ਲੈ ਕੇ ਫ਼ਸਲਾਂ ਦੀ ਨਾੜ ਸਾੜਨ ਦੀ ਸਮੱਸਿਆ ਦਾ ਹੱਲ ਲੱਭ ਲਿਆ ਸੀ, ਜਿਸ ਨਾਲ ਸਾਰੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ‘ਆਪ’ ਸਰਕਾਰ ਵਲੋਂ ਇਸ ਸਮੱਸਿਆ ਦਾ ਹੱਲ ਛੇਤੀ ਕੱਢ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਸਮੱਸਿਆ ਦਾ ਹੱਲ ਕੱਢਿਆ ਜਾ ਸਕਦਾ ਹੈ ਜੇਕਰ ਸਿਆਸਤਦਾਨਾਂ ਦੀ ਨੀਅਤ ਸਾਫ਼ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਸਾਫ਼-ਸੁਥਰੀ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਕੰਮ ਕਰ ਰਹੀ ਹੈ ਅਤੇ ਹਰੇਕ ਸਮੱਸਿਆ ਦਾ ਹੱਲ ਕੱਢਿਆ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਦਾਵੋਸ ਦੇ ਸੰਮੇਲਨ ਵਿਚ ਪੰਜਾਬ ਲਈ ਇੰਡਸਟਰੀ, ਸਿਹਤ ਸਹੂਲਤਾਂ ਅਤੇ ਬਿਜਲੀ ਖੇਤਰ ਦੇ ਵਿਸਤਾਰ ਤੇ ਸੂਬੇ ਵਿਚ ਨਵੇਂ ਪੂੰਜੀ ਨਿਵੇਸ਼ ਨੂੰ ਸੱਦਣ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਾਵੋਸ ਦਾ ਸੰਮੇਲਨ ਪੰਜਾਬ ਲਈ ਵੀ ਵਰਦਾਨ ਸਾਬਿਤ ਹੋਵੇਗਾ ਅਤੇ ਇਸ ਨਾਲ ਦੇਸ਼ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਪਸੀ ਵਿਚਾਰ-ਵਟਾਂਦਰੇ ਰਾਹੀਂ ਕਈ ਸਮੱਸਿਆਵਾਂ ਦਾ ਹੱਲ ਕੱਢਿਆ ਹੋ ਸਕਦਾ ਹੈ।