Ferozepur News : BSF ਨੇ 200 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ
ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 1 ਕਰੋੜ ਰੁਪਏ ਦੱਸੀ ਜਾ ਰਹੀ ਹੈ
Ferozepur News : ਬੀਐੱਸਐੱਫ ਦੀ 155 ਬਟਾਲੀਅਨ ਦੇ ਜਵਾਨਾਂ ਨੇ ਫ਼ਿਰੋਜ਼ਪੁਰ 'ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 1 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਕਤ ਨਸ਼ਾ ਤਸਕਰ ਨੂੰ ਇਹ ਹੈਰੋਇਨ ਕਿੱਥੋਂ ਮਿਲੀ ਸੀ।
ਬੀਐਸਐਫ ਦੇ ਕੰਪਨੀ ਕਮਾਂਡਰ ਬੀਐਸ ਨੇਗੀ ਬੀਓਪੀ ਗੱਟੀ ਹਯਾਤ ਨੇ ਪੁਲੀਸ ਨੂੰ ਦੱਸਿਆ ਹੈ ਕਿ ਜਦੋਂ ਬੀਐਸਐਫ ਦੇ ਜਵਾਨ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਬੁੱਧ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚੱਕਭਾਂਗੇ ਵਾਲਾ ਨੂੰ ਮੋਟਰਸਾਈਕਲ ’ਤੇ ਸ਼ੱਕੀ ਹਾਲਤ ਵਿੱਚ ਘੁੰਮਦੇ ਦੇਖਿਆ। ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਬੀਐਸਐਫ ਨੇ ਇਸ ਮੁਲਜ਼ਮ ਨੂੰ ਥਾਣਾ ਮਮਦੋਟ ਦੀ ਪੁਲੀਸ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਦਵਿੰਦਰ ਸਿੰਘ ਕਰ ਰਹੇ ਹਨ। ਪੁਲੀਸ ਨੇ ਬੁੱਧ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।