ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਰਿਮਾਂਡ
ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਲਾਰੈਂਸ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਰਾਣਾ ਕੰਧੋਵਾਲੀਆ ਕਤਲ ਕੇਸ 'ਚ ਅੰਮ੍ਰਿਤਸਰ ਪੁਲਿਸ ਕਰੇਗੀ ਪੁੱਛਗਿੱਛ
ਅੰਮ੍ਰਿਤਸਰ : ਲਾਰੈਂਸ ਬਿਸ਼ਨੋਈ ਨੂੰ ਅੱਜ ਸਖਤ ਸੁਰੱਖਿਆ ਹੇਠ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਜਿਥੇ ਅਦਾਲਤ ਨੇ ਉਸ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤੋ ਹੈ। ਦੱਸ ਦੇਈਏ ਕਿ ਗੈਂਗਸਟਰ ਰਾਣਾ ਕੰਧੋਵਾਲੀਆ ਦੇ ਕਤਲ ਮਾਮਲੇ 'ਚ ਲੋੜੀਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕੀਤਾ ਗਿਆ।
ਹੁਣ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪੁੱਛ ਪੜਤਾਲ ਕਰੇਗੀ। ਅੰਮ੍ਰਿਤਸਰ ਪੁਲਿਸ ਨੂੰ 6 ਜੁਲਾਈ ਤੱਕ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਹਾਸਲ ਹੋਇਆ ਹੈ। ਦੱਸਣਯੋਗ ਹੈ ਕਿ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ADCP ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਉਸ ਨੂੰ ਇੱਥੇ ਸਪਿੰਦਰ ਸਿੰਘ ਜੇ.ਐਮ.ਆਈ.ਸੀ. ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਇਸ ਹੱਤਿਆਕਾਂਡ 'ਚ ਹੋਰ ਗੈਂਗਸਟਰਾਂ ਦੀਆਂ ਗ੍ਰਿਫ਼ਤਾਰੀਆਂ ਦੀ ਵੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਉਪਰੰਤ ਅੰਮ੍ਰਿਤਸਰ ਪੁਲਿਸ ਵਲੋਂ ਉਸ ਦਾ ਰਿਮਾਂਡ ਲਿਆ ਗਿਆ ਹੈ। ਇੱਥੇ ਉਸ ਦੇ ਨਾਂਅ 'ਤੇ ਕਈ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਗਈਆਂ ਹਨ।