ਦਾਦੂਵਾਲ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਗਿਆ ਕਿ ਨਹੀਂ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਮੁੱਖ ਮੰਤਰੀ ਰਿਹਾਇਸ਼ 'ਤੇ ਉਨ੍ਹਾਂ ਵਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਸਬੰਧੀ...

Captain amrinder singh and Sukhbir badal

ਚੰਡੀਗੜ੍ਹ, 27 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ): ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਮੁੱਖ ਮੰਤਰੀ ਰਿਹਾਇਸ਼ 'ਤੇ ਉਨ੍ਹਾਂ ਵਲੋਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਸਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਲਾਏ ਦੋਸ਼ਾਂ ਉਪਰ ਸਖ਼ਤ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ Îਇਨ੍ਹਾਂ ਦੋਸ਼ਾਂ ਨੂੰ ਨਿਰਆਧਾਰ ਦਸਦਿਆਂ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਰਾਹੀਂ ਸੁਖਬੀਰ ਬਾਦਲ ਦੇ ਝੂਠਾਂ ਦਾ ਪਰਦਾ ਫ਼ਾਸ਼ ਕੀਤਾ ਜਾ ਸਕਦਾ ਹੈ।


ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਬੇਅਦਬੀ ਘਟਨਾਵਾਂ 'ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ ਜਿਨ੍ਹਾਂ ਘਟਨਾਵਾਂ ਨੇ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬੇ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਮੁੱਖ ਮੰਤਰੀ ਨੇ ਸਪੀਕਰ ਨੂੰ ਪਵਿੱਤਰ ਸਦਨ ਵਿੱਚ ਝੂਠ ਬੋਲਣ ਲਈ ਵਿਧਾਇਕ ਖਿਲਾਫ਼ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ।
ਬੇਅਦਬੀ ਮਾਮਲਿਆਂ ਸਬੰਧੀ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਨੂੰ ਸਰਕਾਰ ਵਲੋਂ ਸਦਨ ਵਿਚ ਪੇਸ਼ ਕਰਨ ਤੋਂ ਤੁਰਤ ਬਾਅਦ ਸੁਖਬੀਰ ਬਾਦਲ ਨੇ ਇਹ ਦੋਸ਼ ਲਾਏ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਰੀਪੋਰਟ ਨੂੰ ਕਾਰਵਾਈ ਰੀਪੋਰਟ (ਐਕਸ਼ਨ ਟੇਕਨ ਰਿਪੋਰਟ) ਨਾਲ ਪ੍ਰਵਾਨ ਕਰਦਿਆਂ ਇਸ ਨੂੰ ਸਦਨ ਵਿੱਚ ਪੇਸ਼ ਕਰਨ ਦੀ ਸਹਿਮਤੀ ਦਿੱਤੀ।ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਕਦੀ ਵੀ ਬਲਜੀਤ ਸਿੰਘ ਦਾਦੂਵਾਲ ਨੂੰ ਨਹੀਂ ਮਿਲੇ ਅਤੇ ਨਾ ਹੀ ਉਨ੍ਹਾਂ ਨੂੰ ਪਛਾਣਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੁਲੀਸ ਗੋਲੀਬਾਰੀ ਤੋਂ ਬਾਅਦ ਉਹ ਬਰਗਾੜੀ ਗਏ ਸਨ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਇੱਥੇ ਸਿੱਖ ਪ੍ਰਚਾਰਕ ਵੀ ਬੈਠੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿੱਖ ਪ੍ਰਚਾਰਕ ਨੂੰ ਨਹੀਂ ਦੇਖਿਆ ਹੈ ਤੇ ਨਾ ਹੀ ਨਿੱਜੀ ਤੌਰ 'ਤੇ ਮਿਲੇ ਹਨ।ਮੁੱਖ ਮੰਤਰੀ ਰਿਹਾਇਸ਼ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰੇ ਅਧੀਨ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ 'ਚ ਆਖਿਆ ਕਿ ਸੀ.ਸੀ.ਟੀ.ਵੀਜ਼ ਦੀ ਵੀਡੀਓਜ਼ ਰਾਹੀਂ ਸੁਖਬੀਰ ਦੇ ਕੋਰੇ ਝੂਠ ਦਾ ਭਾਂਡਾ ਸੌਖਿਆ ਹੀ ਭੰਨਿਆ ਜਾ ਸਕਦਾ ਹੈ।  ਸੁਖਬੀਰ ਨੇ ਦੋਸ਼ ਲਾਏ ਸਨ ਕਿ ਬੇਅਦਬੀ ਮਾਮਲਿਆਂ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾਂ ਸਾਜ਼ਿਸ਼ ਘੜਨ ਲਈ ਮੁੱਖ ਮੰਤਰੀ ਨੇ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਕੀਤੇ ਮਾੜੇ ਕੰਮਾਂ ਖਾਸ ਕਰਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹਿਣ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਇਹ ਢਕਵੰਜ ਕਰ ਰਹੇ ਹਨ।