ਕੋਰੋਨਾ ਕਹਿਰ ਦੌਰਾਨ ਵਿਧਾਨ ਸਭਾ ਦਾ ਮਾਨਸੂਨ ਇਜਲਾਸ, ਪੀਪੀਈ ਕਿੱਟਾਂ ਪਾ ਕੇ ਪਹੁੰਚੇ ‘ਆਪ’ ਵਿਧਾਇਕ
ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅਯੋਜਿਤ ਕੀਤਾ ਗਿਆ ਹੈ।
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕ ਪੀਪੀਈ ਕਿੱਟਾਂ ਪਾ ਕੇ ਵਿਧਾਨ ਸਭਾ ਪਹੁੰਚੇ। ਮਾਨਸੂਨ ਇਜਲਾਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਵੀ ਵਿਧਾਨ ਸਭਾ ਵਿਚ ਸ਼ਾਮਲ ਨਹੀਂ ਹੋਏ। ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਛੇ ਵਿਧਾਇਕ ਸ਼ਾਮਲ ਹੋਏ। ਇਸ ਤੋਂ ਇਲਾਵਾ ਹਰਪਾਲ ਸਿੰਘ ਚੀਮਾ ਸਮੇਤ ਕੁਝ ਵਿਧਾਇਕ ਸਦਨ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਮੁੱਖ ਮੰਤਰੀ ਸਮੇਤ 41 ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਵਿਚ ਹਿੱਸਾ ਲਿਆ।
ਇਸ ਦੇ ਨਾਲ ਹੀ ਕੁਝ ਆਮ ਆਦਮੀ ਪਾਰਟੀ ਵਰਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਦੱਸ ਦਈਏ ਕਿ ਕੋਰੋਨਾ ਦੇ ਕਹਿਰ ਕਰਕੇ ਪੰਜਾਬ ਦੇ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਟੈਸਟ ਹੋਇਆ ਹੈ। ਦੋ ਦਰਜਨ ਤੋਂ ਵੱਧ ਵਿਧਾਇਕ ਕੋਰੋਨਾ ਪਾਜ਼ੇਟਿਵ ਹਨ ਅਤੇ ਉਹ ਇਜਲਾਸ ਵਿਚ ਸ਼ਾਮਲ ਨਹੀਂ ਹੋਏ। ਵਿਧਾਨ ਸਭ ਸੈਸ਼ਨ ਤੋਂ ਪਹਿਲਾਂ ਕੋਰੋਨਾ ਪਾਜ਼ੇਟਿਵ ਹੋਣ ਵਾਲੇ ਵਿਧਾਇਕਾਂ ਦੀ ਗਿਣਤੀ 30 ਤੱਕ ਪਹੁੰਚ ਗਈ ਸੀ।
ਪੰਜਾਬ ਸਰਕਾਰ ਦੇ ਹੁਣ ਤੱਕ 5 ਮੰਤਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੁੱਖ ਮੰਤਰੀ ਵੱਲੋਂ ਕੋਰੋਨਾ ਪਾਜ਼ੇਟਿਵ ਵਿਧਾਇਕਾਂ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਵਿਧਾਇਕਾਂ ਨੂੰ ਵਿਧਾਨ ਸਭਾ ਵਿਚ ਸ਼ਿਰਕਤ ਨਾ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਧਰਨੇ ਬੰਦ ਕਰਨ ਦੀ ਅਪੀਲ ਵੀ ਕੀਤੀ ਸੀ।