ਮੁੱਖ ਮੰਤਰੀ ਦੀ ਪਤਨੀ ਡਾ.ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨੇ ਬਰਸੀ ਸਮਾਗਮਾਂ 'ਚ ਭਰੀ ਹਾਜ਼ਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੀ ਨਾਲ ਰਹੇ ਮੌਜ਼ੂਦ

Chief Minister's wife Dr. Gurpreet Kaur and sister Manpreet Kaur attended the anniversary celebrations

 

ਭਗਤੀ ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ 79ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਅੱਜ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ ਅਤੇ ਸ੍ਰੀ ਨਾਨਕਸਰ ਹਸਪਤਾਲ ਦੇ ਆਧੁਨਿਕੀਕਰਨ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ।

ਇਸ ਮੌਕੇ ਉਹਨਾਂ ਦੇ ਨਾਲ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਠੋਸ ਵੀ ਉਹਨਾਂ ਦੇ ਨਾਲ ਸਨ। ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਪੰਗਤੀਆਂ ਵਿੱਚ ਬੈਠਕੇ ਗੁਰੂ ਕਾ ਲੰਗਰ ਵੀ ਛਕਿਆ ਗਿਆ।

ਇਸ ਮੌਕੇ ਡਾ.ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਆਖਿਆ ਕਿ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਵਰੋਸਾਈ ਧਰਤੀ ਨਾਨਕਸਰ ਵਿਖੇ ਨਤਮਸਤਕ ਹੋਏ ਅੱਜ ਬਹੁਤ ਚੰਗਾ ਲੱਗਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਨੰਦ ਸਿੰਘ ਜੀ ਨੇ ਲੰਮਾ ਸਮਾਂ ਭਗਤੀ ਕਰਕੇ ਵਾਹਿਗੁਰੂ ਦਾ ਗਿਆਨ ਪ੍ਰਾਪਤ ਕੀਤਾ ਅਤੇ ਲੱਖਾਂ-ਕਰੋੜਾਂ ਸੰਗਤਾਂ ਨੂੰ ਮਾਰਗ ਦਰਸ਼ਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। ਉਹਨਾਂ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਾਨਕਸਰ ਦੇ ਪ੍ਰਬੰਧਕਾਂ ਅਤੇ ਸਮੁੱਚੀ ਸੰਗਤ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਸਹਾਇਤਾ ਲਈ ਉਹ ਬਚਨਬੱਧ ਹਨ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਦਾ ਬਾਬਾ ਨੰਦ ਸਿੰਘ ਜੀ ਦੇ 79ਵੇਂ ਬਰਸੀ ਸਮਾਗਮਾਂ ਮੌਕੇ ਸ਼ਾਮਲ ਹੋਣ ਤੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿਸ਼ੇਸ਼ ਤੌਰਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਗੋਪੀ ਸ਼ਰਮਾਂ, ਅਮਰਦੀਪ ਸਿੰਘ ਟੂਰੇ, ਰਸ਼ਪਾਲ ਸਿੰਘ ਜਗਰਾਉਂ, ਪੱਪੂ ਭੰਡਾਰੀ, ਗੁਰਪ੍ਰੀਤ ਸਿੰਘ ਨੋਨੀ ਸੈਂਭੀ, ਐਡਵੋਕੇਟ ਕਰਮ ਸਿੰਘ ਸਿੱਧੂ, ਲਖਵੀਰ ਸਿੰਘ ਲੱਖਾ, ਰਾਜੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।