Mohali News : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਂਗਣਵਾੜੀ ਕੇਂਦਰਾਂ ਤੋਂ ਪੰਜੀਰੀ ਅਤੇ ਖਿਚੜੀ ਦੇ ਨਮੂਨੇ ਵੀ ਲਏ ਗਏ

Punjab State Food Commission member Vijay Datt

Mohali News : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਮੋਹਾਲੀ ਜ਼ਿਲ੍ਹੇ ਦੇ ਬਲਾਕ ਕੁਰਾਲੀ ਦੇ ਪਿੰਡ ਫਤਿਹਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਮਿਡਲ ਸਕੂਲ, ਪਿੰਡ ਬੜੋਦੀ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਅਤੇ ਬਲਾਕ ਮਾਜਰੀ ਦੇ ਪਿੰਡ ਬੜੋਦੀ ਦੇ ਆਂਗਣਵਾੜੀ ਸੈਂਟਰ ਦਾ ਦੌਰਾ ਕੀਤਾ ਅਤੇ ਪਿੰਡ ਫਤਿਹਗੜ੍ਹ ਦੇ ਆਂਗਣਵਾੜੀ ਕੇਂਦਰ ਦੀ ਚੈਕਿੰਗ ਕੀਤੀ।

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਆਂਗਣਵਾੜੀ ਵਿੱਚ ਪਰੋਸੀ ਜਾਂਦੀ ਪੰਜੀਰੀ ਅਤੇ ਖਿਚੜੀ ਦੀ ਗੁਣਵੱਤਾ ਸਬੰਧੀ ਰਿਪੋਰਟਾਂ ਆ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਕਮਿਸ਼ਨ ਨੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਤੋਂ ਨਮੂਨੇ ਲੈ ਕੇ ਇਸ ਖੁਰਾਕੀ ਵਸਤੂ ਦੀ ਗੁਣਵੱਤਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਅੱਜ ਇਹ ਸੈਂਪਲ ਲਏ ਗਏ ਹਨ, ਜਿਸ ਦਾ ਟੈਸਟ ਲੈਬ ਵਿੱਚ ਕੀਤਾ ਜਾਵੇਗਾ।

ਕਮਿਸ਼ਨ ਦੇ ਮੈਂਬਰ ਦੱਤ ਨੇ ਸਕੂਲਾਂ ਵਿੱਚ ਮਿਡ-ਡੇ-ਮੀਲ ਫੂਡ ਸਵਾਦ ਰਜਿਸਟਰ ਨੂੰ ਬਣਾਈ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਸਬੰਧੀ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਖੁਦ ਮਿਡ-ਡੇ-ਮੀਲ ਵੀ ਖਾਧਾ। ਕਮਿਸ਼ਨ ਮੈਂਬਰ ਨੇ ਹਦਾਇਤ ਕੀਤੀ ਕਿ ਸਬੰਧਤ ਵਿਭਾਗ ਵੱਲੋਂ ਸਕੂਲ ਵਿੱਚ ਟੀ.ਡੀ.ਐਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ।

ਇਸ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਿਡ ਡੇ ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕਰਦਿਆਂ ਇੰਚਾਰਜਾਂ ਅਤੇ ਹੈਲਪਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਨਵੀਨਤਮ ਸਕੀਮਾਂ ਬਾਰੇ ਜਾਣਕਾਰੀ ਦੇਣ।


ਦੌਰੇ ਦੌਰਾਨ ਕਮਿਸ਼ਨ ਮੈਂਬਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।