ਮੱਛੀ ਪਾਲਣ ਵਿਭਾਗ ਵਿਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ

Vacancies being filled in Fisheries Department: Gurmeet Singh Khudian

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਇਸ ਨਿਯੁਕਤੀ ਨਾਲ ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਫਿੱਸ਼ਰਮੈਨ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਹਿੱਤ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ 'ਤੇ ਦੋ ਮੱਛੀ ਪਾਲਣ ਅਫ਼ਸਰ ਅਤੇ 9 ਕਲਰਕਾਂ ਨੂੰ ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੋ ਫਿੱਸ਼ਰਮੈਨਜ਼ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਸੰਗੀਤਾ ਤੂਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।