ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਜੀ ਦੀ ਅੰਤਿਮ ਅਰਦਾਸ
ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਭੇਂਟ ਕੀਤੀ ਸ਼ਰਧਾਂਜਲੀ
ਨਾਭਾ: ਪੰਥ ਰਤਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਦੇ ਦਮਾਦ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਜੀ ਦੀ ਅੰਤਿਮ ਅਰਦਾਸ ਪਿੰਡ ਟੌਹੜਾ ਦੀ ਅਨਾਜ ਮੰਡੀ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਦਿੱਗਜ ਆਗੂ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਹਿੱਸਾ ਲਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹਜ਼ਾਰਾਂ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕੈਬਨਿਟ ਮੰਤਰੀ ਡਾ. ਬਲਵੀਰ, ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਬੀਜੇਪੀ ਦੇ ਕੇਂਦਰੀ ਆਗੂ ਤਰੁਣ ਚੁੱਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਮਰਹੂਮ ਗੁਰਚਰਨ ਸਿੰਘ ਟੌਹੜਾ ਦੇ ਦਮਾਦ ਹਰਮੇਲ ਸਿੰਘ ਟੌਹੜਾ ਨੇ ਪੰਥ ਪ੍ਰਤੀ ਲੰਬਾ ਸੰਘਰਸ਼ ਕੀਤਾ ਹੈ। ਜਿਨਾਂ ਦੀ ਅੰਤਿਮ ਅਰਦਾਸ ਵਿੱਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ।
ਇਸ ਮੌਕੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਲੋਕਾਂ ਲਈ 20 ਹਜ਼ਾਰ ਕਰੋੜ ਰੁਪਏ ਦੀ ਕੀਤੀ ਮੰਗ ’ਤੇ ਬੀਜੇਪੀ ਦੇ ਕੇਂਦਰੀ ਆਗੂ ਤਰੁਣ ਚੁੱਗ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਰਕਾਰ ਇਹ ਦੱਸੇ ਕਿ 20 ਹਜ਼ਾਰ ਕਰੋੜ ਰੁਪਏ ਦਾ ਅੰਕੜਾ ਕਿੱਥੋਂ ਆਇਆ। ਉਹਨਾਂ ਦੱਸਿਆ ਕਿ ਸਰਕਾਰ ਨੇ ਹਾਲੇ ਤੱਕ ਗਿਰਦਾਵਰੀ ਹੀ ਪੂਰੀ ਨਹੀਂ ਕੀਤੀ ਤਾਂ ਇਹ ਅੰਕੜਾ ਕਿੱਥੋਂ ਆਇਆ। ਉਹਨਾਂ ਦੱਸਿਆ ਕਿ ਸਰਕਾਰ ਦੇ ਅੰਕੜੇ ਹੀ ਇੱਕ ਦੂਜੇ ਨਾਲ ਮੈਚ ਨਹੀਂ ਕਰਦੇ। ਇੱਕ ਪਾਸੇ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ 13 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਰਹੇ ਹਨ ਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ 20 ਹਜ਼ਾਰ ਕਰੋੜ ਰੁਪਏ ਮੰਗ ਰਹੇ ਹਨ।